ਮਾਘੀ ਮੇਲੇ ਮੌਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਅਤੇ ਉਨ੍ਹਾਂ ਨੇ ਪ੍ਰਣ ਲਿਆ ਕਿ ਉਹ ਪੰਥ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਵਾਸਤੇ ਆਪਣੀ ਜਾਨ ਵਾਰਨ ਵਾਸਤੇ ਵੀ ਤਿਆਰ ਬਰ ਤਿਆਰ ਹਨ।
ਇਥੇ ਮਾਘੀ ਮੇਲੇ ’ਤੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਤਿਹਾਸ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਿਸ਼ਵਾਸ ਕਰਨ ਕਿਵੇਂ 40 ਮੁਕਤਿਆਂ ਨੂੰ ਗੁਰੂ ਸਾਹਿਬ ਨੇ ਇਸ ਇਤਿਹਾਸਕ ਅਸਥਾਨ ’ਤੇ ਮੁੜ ਅਪਣਾਇਆ ਸੀ। ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ’ਕੌਮ’ ਨੂੰ ਮੁੜ ਮਜ਼ਬੂਤ ਕਰੀਏ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹਾ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੈਂ ਪ੍ਰਣ ਕਰਦਾ ਹਾਂ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਲੋਕਾਂ ਦੀ ਭਲਾਈ ਵਾਸਤੇ ਜੋ ਲੋੜੀਂਦਾ ਹੋਇਆ, ਉਹ ਕਰਾਂਗਾ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਪੰਜਾਬ, ਪੰਜਾਬੀਅਤ ਤੇ ਖਾਲਸਾ ਪੰਥ ਵਾਸਤੇ ਆਪਣੀ ਕੁਰਬਾਨੀ ਵੀ ਦੇਣੀ ਪਵੇਗੀ ਤਾਂ ਮੈਂ ਪਿੱਛੇ ਨਹੀਂ ਹਟਾਂਗਾ।
ਇਕ ਭਾਵੁਕ ਭਾਸ਼ਣ ਵਿਚ ਸਰਦਾਰ ਬਾਦਲ ਨੇ ਪੰਥ ਤੇ ਪੰਜਾਬ ਨੂੰ ਫਿਰਕੂ ਵੰਡ ਪਾਊ ਤੇ ਪੰਜਾਬੀ ਨੌਜਵਾਨਾਂ ਦਾ ਖੂਨ ਵਹਾਉਣ ਲਈ ਕਾਹਲੀਆਂ ਤਾਕਤਾਂ ਦੀ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਸਾਡੇ ਮਹਾਨ ਗੁਰੂ ਸਾਹਿਬਾਨ, ਸੰਤਾਂ ਤੇ ਪੀਰਾਂ ਫਕੀਰਾਂ ਵੱਲੋਂ ਦਰਸਾਏ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਰਾਹ ਤੋਂ ਕਦੇ ਵੀ ਪਿੱਛੇ ਨਹੀਂ ਹਟਣਗੇ।
ਉਨ੍ਹਾਂ ਨੇ ਪਹਿਲਾਂ ਹੀ ਪਾਰਟੀ ਵੱਲੋਂ ਪੂਰੀ ਜ਼ਿੰਮੇਵਾਰੀ ਨਿਭਾਈ ਹੈ ਤਾਂ ਜੋ ਸੂਬੇ ਭਰ ਦੇ ਲੋਕ ਸਾਡੇ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਆਸ, ਸ਼ਾਂਤੀ ਤੇ ਖੁਸ਼ਹਾਲੀ ਵੱਲ ਵੇਖ ਸਕਣ ਤੇ ਅੱਗੇ ਵੱਧ ਸਕਣ।
ਉਨ੍ਹਾਂ ਕਿਹਾ ਕਿ ਕੁਝ ਅਖੌਤੀ ਪੰਥਕ ਸੰਗਠਨ ਬਦਲਵਾਂ ਏਜੰਡਾ ਪੇਸ਼ ਕਰ ਕੇ ਸੂਬੇ ਖਾਸ ਤੌਰ ’ਤੇ ਇਸਦੇ ਨੌਜਵਾਨਾਂ ਨੂੰ ਫਿਰ ਤੋਂ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ, ਜਿਸ ਦੌਰਾਨ ਸਿੱਖ ਨੌਜਵਾਨਾਂ ਨੂੰ ਮੁਕਾਬਲਿਆਂ ਵਿਚ ਕਤਲ ਕੀਤਾ ਗਿਆ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕੀ ਸਾਬਕਾ ਮੁੱਖ ਮੰਤਰੀ ਜਿਨ੍ਹਾਂ ਨੇ 70 ਸਾਲਾਂ ਤੱਕ ਲੋਕਾਂ ਦੀ ਸੇਵਾ ਕੀਤੀ, ਕੀ ਉਨ੍ਹਾਂ ਨੇ ਕੋਈ ਗੁਨਾਹ ਕੀਤਾ? ਉਨ੍ਹਾਂ ਕਿਹਾ ਕਿ ਸਾਡੇ ਸਾਰੇ ਘਰਾਂ ਵਿਚ ਗੁਰੂ ਮਹਾਰਾਜ ਦਾ ਪ੍ਰਕਾਸ਼ ਹੈ ਤੇ ਸਾਡੇ ਬੱਚੇ ਘਰ ’ਚੋਂ ਬਾਹਰ ਨਿਕਲਣ ਤੋਂ ਪਹਿਲਾਂ ਗੁਰੂ ਮਹਾਰਾਜ ਅੱਗੇ ’ਅਰਦਾਸ’ ਕਰਦੇ ਹਨ।
ਸਰਦਾਰ ਬਾਦਲ ਨੇ ਆਪਣੀ ਵਿਚਾਰਾਂ ਭਰੇ ਭਾਸ਼ਣ ਵਿਚ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਬਾਗੀ ਅਕਾਲੀ ਦਲ ਵੱਲੋਂ ਉਨ੍ਹਾਂ ਖਿਲਾਫ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਬਿਨਾਂ ਕਿਸੇ ਕਸੂਰ ਦੇ ਸਾਰੇ ਦੋਸ਼ ਆਪਣੇ ਸਿਰ ਲੈ ਲਏ, ਹਾਲਾਂਕਿ ਉਨ੍ਹਾਂ ਕੋਲ ਹਰ ਸਵਾਲ ਦੇ ਜਵਾਬ ਮੌਜੂਦ ਸਨ। ਅਸੀਂ ਸਿਰਫ ਇਹੀ ਸੋਚਦੇ ਸੀ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਅਕਾਲੀ ਦਲ ਖਿਲਾਫ ਵਿੱਢੀ ਪ੍ਰਚਾਰ ਮੁਹਿੰਮ ਨੂੰ ਠੱਪ ਕੀਤਾ ਜਾਵੇ ਪਰ ਇਹ ਤਾਕਤਾਂ ਤਾਂ ਸਾਡੇ ਵੱਲੋਂ ਬਿਨਾਂ ਕੀਤੇ ਗੁਨਾਹ ਕਬੂਲਣ ’ਤੇ ਵੀ ਖੁਸ਼ ਨਹੀਂ ਹਨ। ਇਨ੍ਹਾਂ ਦਾ ਅਗਲਾ ਨਿਸ਼ਾਨਾ ਮੈਨੂੰ ਕਤਲ ਕਰਨਾ ਹੈ ਤੇ ਮੈਂ ਅਕਾਲ ਪੁਰਖ ਦੀ ਰਹਿਮਤ ਨਾਲ ਹੀ ਸੁਰੱਖਿਅਤ ਹਾਂ।
ਇਸ ਵਿਸ਼ਾਲ ਕਾਨਫਰੰਸ ਵਿਚ ਪਾਸ ਕੀਤੇ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ ਏ ਕੌਮ ਖਿਤਾਬ ਵਾਪਸ ਲੈਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ। ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਇਹ ਮਤਾ ਪੇਸ਼ ਕੀਤਾ, ਜਿਸਨੂੰ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪਾਸ ਕੀਤਾ।
ਇਸ ਤੋਂ ਪਹਿਲਾਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਤਾ ਪੇਸ਼ ਕੀਤਾ ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਏ ਫੈਸਲਿਆਂ ’ਤੇ ਰਾਜਨੀਤੀ ਕਰਦਿਆਂ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਦੀ ਮੰਗ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਇਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਖਤ ਦੇ ਕਿਸੇ ਵੀ ਆਦੇਸ਼ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਦੀ ਕੀਤੀ ਹਦਾਇਤ ਦੀ ਉਲੰਘਣਾ ਹੈ।
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਰਗੀਆਂ ਤਾਕਤਾਂ ਦੇ ਖਿਲਾਫ ਲੜਾਈ ਲੜਨ ਜਿਸਨੇ ਝੂਠੇ ਵਾਅਦਿਆਂ ਨਾਲ ਉਨ੍ਹਾਂ ਨੂੰ ਗੁੰਮਰਾਹ ਕੀਤਾ ਤੇ ਆਮ ਆਦਮੀ ਪਾਰਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਹਮਲਾ ਕੀਤਾ।
ਇਸ ਮੌਕੇ ਸੀਨੀਅਰ ਪਾਰਟੀ ਆਗੂ ਐੱਨ. ਕੇ. ਸ਼ਰਮਾ ਨੇ ਦੱਸਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ ਅਤੇ ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਵਿਚ ਵਿਸ਼ਵ ਪੱਧਰੀ ਸੜਕਾਂ ਅਤੇ ਹਵਾਈ ਅੱਡਿਆਂ ਤੇ ਹੋਰ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਸੋਚ ਦਾ ਵੀ ਜ਼ਿਕਰ ਕੀਤਾ।
ਕਾਨਫਰੰਸ ਨੂੰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਨਜਿੰਦਰ ਸਿੰਘ ਬਿੱਟੂ, ਪ੍ਰੀਤਇੰਦਰ ਸਿੰਘ ਸੰਮੇਵਾਲੀ ਤੇ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵੀ ਸੰਬੋਧਨ ਕੀਤਾ।
