– ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਡਾ. ਬਲਬੀਰ ਸਿੰਘ
ਪਟਿਆਲਾ :- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬਹੁ-ਪਡ਼ਾਵੀ ‘ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਪੰਜਾਬ ਸਰਕਾਰ ਦਾ ਸਾਫ਼ ਸੰਦੇਸ਼ ਹੈ ਕਿ ਨਸ਼ੇ ਦੇ ਸਮੱਗਲਰ ਜਾਂ ਪੰਜਾਬ ਛੱਡਣ ਜਾਂ ਫਿਰ ਆਪਣਾ ਕਾਰੋਬਾਰ ਬਦਲ ਲੈਣ।
ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਅਤੇ ਸਾਕੇਤ ਹਸਪਤਾਲ ਦਾ ਨਿਰੀਖਣ ਕਰ ਕੇ ਇਥੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਸੱਦਾ ਦਿੱਤਾ ਕਿ ਉਹ ਮੌਤ ਅਤੇ ਜੇਲ ਦਾ ਰਸਤਾ ਛੱਡ ਕੇ ਜ਼ਿੰਦਗੀ ਵਾਲਾ ਰਾਹ ਚੁਣ ਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਰਾਜ ’ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁ-ਪਡ਼ਾਵੀ ਮੁਹਿੰਮ ਨੂੰ ਪੁਲਸ, ਮੈਡੀਕਲ ਸਿੱਖਿਆ ਤੇ ਸਿਹਤ ਵਿਭਾਗਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾਉਣ ਲਈ ਬਹੁ-ਮੰਤਵੀ ਕਾਰਜ ਯੋਜਨਾ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਾਕਿਸਤਾਨ ਵੱਲੋਂ ਡਰੋਨਾਂ ਤੇ ਹੋਰ ਸਾਧਨਾਂ ਰਾਹੀਂ ਨਸ਼ੇ ਭੇਜ ਕੇ ਸੂਬੇ ਨੂੰ ਜਾਣਬੁਝ ਕੇ ਨਸ਼ਿਆਂ ਦੇ ਰਾਹ ’ਤੇ ਧੱਕਿਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਸ਼ਮਣਾਂ ਦੇ ਅਜਿਹੇ ਮਾਡ਼ੇ ਮਨਸੂਬੇ ਸਫ਼ਲ ਨਹੀਂ ਹੋਣ ਦੇਵੇਗੀ।
ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੀ ਮੌਜੂਦ ਸਨ।
