ਫਰੀਦਕੋਟ -: ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ’ਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ. ਈ.) ਜਰਨੈਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਜੇ. ਈ . ਨੇ ਉਸ ਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਤੇ ਉਸ ਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ’ਤੇ ਉਕਤ ਜੇ. ਈ. ਦੋ ਕਿਸ਼ਤਾਂ ’ਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।
ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
