ਬਟਾਲਾ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਉਮਰਪੁਰਾ ਸਬ-ਡਵੀਜ਼ਨ ਦਫਤਰ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
