ਵਿਧਾਇਕ ਭਰਾਜ ਨੇ 1.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਸੰਗਰੂਰ, 04 ਜੂਨ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਸਿੰਜਾਈ ਲਈ ਕਰੀਬ 1.83 ਕਰੋੜ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰਵਾਈ।
ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੰਗਰੂਰ ’ਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਸਾਰੇ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਦੀ ਗੁਣਵੰਤਾ ਬਾਬਤ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਲਕੇ ’ਚ ਜਿਹੜੇ ਵੀ ਵਿਕਾਸ ਕਾਰਜ ਹੋ ਰਹੇ ਹਨ, ਉਨ੍ਹਾਂ ਉੱਤੇ ਖੁਦ ਨਜ਼ਰ ਰੱਖਣ, ਜੇਕਰ ਕਿਤੇ ਕੋਈ ਢਿੱਲ-ਮੱਠ ਸਾਹਮਣੇ ਆਉਂਦੀ ਹੈ ਤਾਂ ਫੌਰੀ ਉਨ੍ਹਾਂ ਦੇ ਧਿਆਨ ’ਚ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਨਹਿਰੀ ਪਾਣੀ ਹਰ ਕਿਸਾਨ ਦੇ ਖੇਤ ਤੱਕ ਪੁੱਜਦਾ ਕੀਤਾ ਜਾਵੇ।
ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ’ਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਇਸ ਮੌਕੇ ਪਹਿਲੀ ਵਾਰ ਆਪਣੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਵੇਖ ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ’ਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਸੰਗਰੂਰ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ।
ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਜਤਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ ਫੱਗੂਵਾਲਾ, ਗੁਰਵਿੰਦਰ ਸਿੰਘ ਚੱਠਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
Read More : ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ. ਡੀ. ਜੀ. ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ
