5.438 ਕਿਲੋ ਹੈਰੋਇਨ ਅਤੇ ਭਾਰੀ ਮਾਤਰਾ ਵਿੱਚ ਅਸਲ੍ਹਾ ਬਰਾਮਦ; ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ, 28 ਫਰਵਰੀ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਸਮੱਗਲਿੰਗ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰੋਂ ਚੱਲ ਰਹੇ ਦੋ ਵੱਡੇ ਸੰਗਠਿਤ ਗਿਰੋਹਾਂ ਨੂੰ ਨੱਥ ਪਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਵਿਸ਼ੇਸ਼ ਕਾਰਵਾਈ ਦੌਰਾਨ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.438 ਕਿਲੋਗ੍ਰਾਮ ਹੈਰੋਇਨ, ਤਿੰਨ ਪਿਸਤੌਲ ਅਤੇ 34 ਜ਼ਿੰਦਾ ਕਾਰਤੂਸ, 4,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪਹਿਲਾਂ ਭਾਰਤੀ ਸਰਹੱਦ ਪਾਰ ਕਰਵਾਈ ਜਾਂਦੀ ਸੀ ਅਤੇ ਫਿਰ ਇੱਕ ਯੋਜਨਾਬੱਧ ਨੈੱਟਵਰਕ ਰਾਹੀਂ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕੀਤੀ ਜਾਂਦੀ ਸੀ।
ਇਸ ਮਾਮਲੇ ਵਿੱਚ ਐਨਡੀਪੀਐਸ (NDPS) ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ, “ਪੰਜਾਬ ਪੁਲਿਸ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ‘ਜ਼ੀਰੋ-ਟੌਲਰੈਂਸ’ ਨੀਤੀ ‘ਤੇ ਦ੍ਰਿੜ ਹੈ। ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”
ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੇ ਬਾਕੀ ਮੈਂਬਰਾਂ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Read More : ਜਲੰਧਰ ‘ਚ ਡਾਕਟਰ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ
