30 ਬੋਰ ਦਾ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ
ਬਟਾਲਾ, 30 ਦਸੰਬਰ : ਬਟਾਲਾ ਪੁਲਿਸ ਨੇ ਗੈਂਗਸਟਰ ਮਨੂ ਅਗਵਾਨ ਗੈਂਗ ਦੇ 2 ਮੈਂਬਰਾਂ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜੋ 50 ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਸਨ।
ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 21 ਦਸੰਬਰ 2025 ਨੂੰ ਥਾਣਾ ਸ੍ਰੀ ਹਰਗੋਬਿੰਦਪੁਰ ’ਚ ਧਾਰਾ 109 ਬੀ. ਐੱਨ. ਐੱਸ. ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ’ਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਬਿਆਨਕਰਤਾ ਜਤਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪੇਜੋਚੱਕ ਦੇ ਗੇਟ ’ਤੇ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ 8 ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ ਸਨ।
ਐੱਸ. ਐੱਸ. ਪੀ. ਬਟਾਲਾ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਦੇ ਨਿਰਦੇਸ਼ਾਂ ਅਤੇ ਗੈਂਗਸਟਰਾਂ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਉਕਤ ਮਾਮਲੇ ’ਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਐੱਸ. ਪੀ. ਇਨਵੈਸਟੀਗੇਸ਼ਨ ਸੰਦੀਪ ਵਢੇਰਾ, ਡੀ. ਐੱਸ. ਪੀ. ਹਰਗੋਬਿੰਦਪੁਰ ਹਰੀਸ਼ ਬਹਿਲ, ਐੱਸ. ਐੱਚ. ਓ. ਹਰਗੋਬਿੰਦਪੁਰ ਸੁਖਵਿੰਦਰ ਸਿੰਘ ਅਤੇ ਸੀ. ਆਈ. ਏ. ਇੰਚਾਰਜ ਬਟਾਲਾ ਇੰਸਪੈਕਟਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ।
ਇਸ ਜਾਂਚ ਦੌਰਾਨ ਘਟਨਾ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਿਜਨ੍ਹਾਂ ਦੇ ਨਾਮ ਹਰਵਿੰਦਰ ਸਿੰਘ ਉਰਫ਼ ਕਰਨ ਪੁੱਤਰ ਸੁਖਦੇਵ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਪ੍ਰਤਾਪ ਸਿੰਘ ਦੋਵੇਂ ਵਾਸੀ ਪਿੰਡ ਚੱਕਮਿਸ਼ਰੀ ਖਾਨ, ਥਾਣਾ ਲੋਪੋਕੇ, ਜ਼ਿਲਾ ਅੰਮ੍ਰਿਤਸਰ ਦਿਹਾਤੀ ਹਨ।
ਐੱਸ. ਐੱਸ. ਪੀ. ਨੇ ਦੱਸਿਆ ਕਿ ਿੲਨ੍ਹਾਂ ਦੋਵਾਂ ਮੁਲਜ਼ਮਾਂ ਕੋਲੋਂ ਘਟਨਾ ’ਚ ਵਰਤਿਆ ਗਿਆ 30 ਬੋਰ ਦਾ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ ਇਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਉਕਤ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਸ਼ੂਟਰ ਸੀ, ਜਦੋਂ ਕਿ ਹਰਵਿੰਦਰ ਸਿੰਘ ਉਰਫ਼ ਕਰਨ ਮੋਟਰਸਾਈਕਲ ਚਲਾ ਰਿਹਾ ਸੀ।
Read More : ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦਿਹਾਂਤ
