2027 ’ਚ ਅਕਾਲੀ ਦਲ ਦੇ ਸੱਤਾ ’ਚ ਆਉਣ ਮਗਰੋਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਸਮੱਗਲਰ ਨਹੀਂ ਰਹੇਗਾ : ਸੁਖਬੀਰ ਬਾਦਲ

ਕਿਹਾ-ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੇ ਵੱਕਾਰ ਨੂੰ ਮਜ਼ਬੂਤ ਕਰਨ ਦੀ ਥਾਂ ਉਸਨੂੰ ਤਬਾਹ ਕਰਨ ਦਾ ਕੀਤਾ ਯਤਨ

ਤਲਵੰਡੀ ਸਾਬੋ :- ਅੱਜ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਰਕਰਾਂ ਨੇ ਫੈਸਲਾ ਕੀਤਾ ਹੈ ਕਿ ਉਹ 2027 ’ਚ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਂਦਾ ਜਾਵੇਗਾ ਅਤੇ ਸਪੱਸ਼ਟ ਕੀਤਾ ਕਿ ਇਕ ਵਾਰ ਅਜਿਹਾ ਹੋ ਗਿਆ ਤਾਂ ਪੰਜਾਬ ’ਚ ਕੋਈ ਗੈਂਗਸਟਰ ਜਾਂ ਨਸ਼ਾ ਸਮੱਗਲਰ ਨਹੀਂ ਰਹੇਗਾ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ।
ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਲੈਂਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਾਂਗਾ ਅਤੇ ਕਮਜ਼ੋਰ ਵਰਗਾਂ ਨੂੰ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹਾਂ।
ਉਨ੍ਹਾਂ ਕਿਹਾ ਕਿ ਇਸੇ ਵਾਸਤੇ ਅਕਾਲੀ ਦਲ ‘ਆਟਾ ਦਾਲ’ ਸਕੀਮ ਮੁੜ ਸ਼ੁਰੂ ਕਰੇਗਾ ਅਤੇ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੁੱਗਣੀ ਕੀਤੀ ਜਾਵੇਗੀ ਅਤੇ ਕਾਨੂੰਨ ਪਾਸ ਕਰ ਕੇ ਬਾਹਰਲਿਆਂ ਦੇ ਪੰਜਾਬ ’ਚ ਖੇਤੀਬਾੜੀ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਖਾਲਸਾ ਪੰਥ ਦੇ ਹਿੱਤਾਂ ਵਾਸਤੇ ਸਾਰੇ ਅਕਾਲੀਆਂ ਨੂੰ ਪਾਰਟੀ ’ਚ ਵਾਪਸ ਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਲੁੱਟ ਤੋਂ ਬਚਾਇਆ ਜਾਵੇ ਅਤੇ ਅਕਾਲੀ ਦਲ ’ਚ ਵਿਸ਼ਵਾਸ ਪ੍ਰਗਟ ਕੀਤਾ ਜਾਵੇ, ਜਿਸਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਾਰਟੀ ਦਾ ਨੁਕਸਾਨ ਕਰਨ ਵਾਸਤੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਸਿੱਖ ਸੰਸਥਾਵਾਂ ਦੀ ਸ਼ਾਖ ਨੂੰ ਖੋਰਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦਾ ਵਿਸਥਾਰ ਕਰ ਕੇ ਉਨ੍ਹਾਂ ਨੂੰ ਸਰਕਾਰੀ ਕੰਟਰੋਲ ਅਧੀਨ ਕਰ ਦਿੱਤਾ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਤੇ ਹੋਰਾਂ ਨੇ ਪੰਥ ਦੇ ਵੱਕਾਰ ਨੂੰ ਮਜ਼ਬੂਤ ਕਰਨ ਦੀ ਥਾਂ ਇਸਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਾ ਹਾਂ ਜਿਸਨੇ ਤਖਤ ਦਾ ਕੰਟਰੋਲ ਉਸ ਕੇਂਦਰ ਸਰਕਾਰ ਤੋਂ ਵਾਪਸ ਲੈ ਲਿਆ, ਜਿਸਨੇ ਜਥੇਦਾਰਾਂ ’ਤੇ ਸਿੱਖ ਕੌਮ ਖਿਲਾਫ ਸਟੈਂਡ ਲੈਣ ਲਈ ਦਬਾਅ ਬਣਾ‌ਇਆ।
ਬਾਦਲ ਨੇ ਕਿਹਾ ਅਕਾਲੀ ਦਲ ਪੰਜਾਬ ਦਾ ਅਸਲ ਵਾਰਿਸ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹੀ ਸੂਬੇ ਦਾ ਤੇਜ਼ ਰਫਤਾਰ ਵਿਕਾਸ ਕਰਵਾਇਆ ਅਤੇ ਥਰਮਲ ਪਲਾਂਟ, ਸੜਕ ਤੇ ਹਵਾਈ ਅੱਡੇ ਬਣਾਏ, ਸਿੰਜਾਈ ਸਹੂਲਤਾਂ ਸ਼ੁਰੂ ਕੀਤੀਆਂ, ਕਣਕ ਤੇ ਝੋਨੇ ਲਈ ਐੱਮ. ਐੱਸ. ਪੀ. ਲਿਆਂਦੀ, ਆਟਾ-ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ।
ਬਾਦਲ ਨੇ ਪੰਜਾਬੀਆਂ ਨਾਲ ਧੋਖਾ ਕਰਨ ’ਤੇ ‘ਆਪ’ ਸਰਕਾਰ ਦੀ ਵੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਗਏ ਹਨ, ਜਿਸ ਕਾਰਨ ਗੈਂਗਸਟਰ ਸੂਬਾ ਚਲਾ ਰਹੇ ਹਨ ਅਤੇ ਗ੍ਰੇਨੇਡ ਹਮਲੇ ਆਮ ਹੋ ਗਏ ਹਨ।
ਇਸ ਮੌਕੇ ਅਕਾਲੀ ਦਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਮੁੜ ਨਿਰਮਾਣ ਵਾਸਤੇ ਉਹ ਅਕਾਲੀ ਦਲ ਦੀ ਹਮਾਇਤ ਕਰਨ। ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਆਪਣੀ ਮਾਂ ਪਾਰਟੀ ਦੀ ਹਮਾਇਤ ਕਰਨ। ਸਟੇਜ ਦੀ ਕਰਵਾਈ ਭਾਈ ਮੋਹਨ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਨਿਭਾਈ।
ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ, ਡਾ. ਦਲਜੀਤ ਸਿੰਘ ਚੀਮਾ, ਹਰਗੋਬਿੰਦ ਕੌਰ, ਸਰਬਜੀਤ ਸਿੰਘ ਝਿੰਜਰ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਤਲਵੰਡੀ ਸਾਬੋ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *