ਫਿਰੋਜ਼ਪੁਰ, 2 ਅਗਸਤ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲਾ ਫਿਰੋਜ਼ਪੁਰ ਪੁਲਸ ਵੱਡੇ ਪੱਧਰ ’ਤੇ ਨਸ਼ਾ ਸਮੱਗਲਰਾਂ ਅਤੇ ਪਾਕਿਸਤਾਨ ਤੋਂ ਮੰਗਵਾਈਆਂ ਗਈਆਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਫੜਨ ’ਚ ਸਫਲ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਮੋਹਿਤ ਧਵਨ, ਥਾਣਾ ਘੱਲ ਖੁਰਦ ਦੀ ਪੁਲਸ ਨੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਸੀ. ਆਈ. ਏ. ਸਟਾਫ ਜ਼ੀਰਾ ਤੇ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 3 ਨਸ਼ਾ ਸਮੱਗਲਰਾਂ ਨੂੰ 13 ਕਿਲੋ 21 ਗ੍ਰਾਮ ਹੈਰੋਇਨ, ਇਕ ਪਿਸਤੌਲ (ਜਿਸ ਦੇ ਪਾਰਟਸ ਖੁੱਲ੍ਹੇ ਹੋਏ ਹਨ), 8 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਸਮੱਗਲਰਾਂ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਘੱਲ ਖੁਰਦ ’ਚ ਮਾਮਲੇ ਦਰਜ ਕੀਤੇ ਗਏ ਹਨ।
ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਨਸ਼ਾ ਸਮੱਗਲਰ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਗੁਰਦਿਆਲ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਕਾਲੀ ਪੁੱਤਰ ਹਰਨਾਮ ਸਿੰਘ ਵਾਸੀ ਗੱਟੀ ਰਾਜੋ ਕੇ ਹੈਰੋਇਨ ਦੀ ਇਕ ਵੱਡੀ ਖੇਪ ਲੈ ਕੇ ਖੜ੍ਹੇ ਹਨ ਅਤੇ ਅੱਗੇ ਸਪਲਾਈ ਕਰਨ ਦੀ ਉਡੀਕ ਕਰ ਰਹੇ ਹਨ। ਇਸ ਗੁਪਤ ਸੂਚਨਾ ਦੇ ਆਧਾਰ ’ਤੇ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਉਥੇ ਰੇਡ ਕਰਦੇ ਦੋਵਾਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 8 ਕਿਲੋ 301 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੂਜੇ ਪਾਸੇ 4 ਕਿਲੋ 720 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਅਤੇ ਇਕ ਪਿਸਤੌਲ ਦੇ ਖੁੱਲੇ ਪਾਰਟਸ, ਥਾਣਾ ਘੱਲ ਖੁਰਦ ਦੀ ਪੁਲਸ ਨੇ ਇਸਪੈਕਟਰ ਗੁਰਪ੍ਰੀਤ ਸਿੰਘ ਅਤੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬਰਾਮਦ ਕਰਦੇ ਹੋਏ ਨਸ਼ਾ ਸਮੱਗਲਰ ਜੋਗਰਾਜ ਸਿੰਘ ਉਰਫ ਸਮਰ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਆਸਲ ਨੂੰ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜਦੋਂ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਘੱਲ ਖੁਰਦ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਦੇ ਹੋਏ ਪਿੰਡ ਮੋਹਕਮ ਖਾ ਵਾਲਾ ਦੇ ਏਰੀਆ ’ਚ ਪਹੁੰਚੀ ਤਾਂ ਪੁਲਸ ਪਾਰਟੀ ਨੇ ਇਕ ਸ਼ੱਕੀ ਵਿਅਕਤੀ ਨੂੰ ਪੰਜਾਬ ਨੰਬਰ ਦੇ ਐਕਟਿਵਾ ’ਤੇ ਆਉਂਦਾ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਅਤੇ ਡੀ. ਐੱਸ. ਪੀ. ਦੀ ਮੌਜੂਦਗੀ ’ਚ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਕਿਲੋ 720 ਗ੍ਰਾਮ ਹੈਰੋਇਨ, ਪਿਸਤੌਲ ਦੇ ਖੁੱਲ੍ਹੇ ਪਾਰਟਸ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਪਤਾ ਲੱਗਾ ਹੈ ਕਿ ਫੜੀ ਗਈ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਈ ਗਈ ਸੀ।
ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਾਇਆ ਜਾ ਰਿਹਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ’ਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
Read More : ਅਜ਼ਾਦੀ ਦਿਹਾੜੇ ਮੌਕੇ ਫਰੀਦਕੋਟ ਵਿਚ ਹੋਵੇਗਾ ਸੂਬਾ ਪੱਧਰੀ ਸਮਾਗਮ