ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ ਜਾਰੀ; 117 ਹੋਰ ਗ੍ਰਿਫ਼ਤਾਰ, ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ
ਚੰਡੀਗੜ੍ਹ, 21 ਫਰਵਰੀ : ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਟੀਮਾਂ ਨੇ 217 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ’ਚੋਂ ਛੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,412 ਹੋ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 151 ਵਿਅਕਤੀਆਂ ਦੀ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਸ ਦੌਰਾਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 357ਵੇਂ ਦਿਨ ਵੀ ਜਾਰੀ ਰੱਖਦਿਆਂ 117 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ’ਚੋਂ 3.1 ਕਿੱਲੋ ਹੈਰੋਇਨ, 3 ਕਿੱਲੋ ਅਫੀਮ, 446 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 63250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਦੇ ਨਾਲ ਸਿਰਫ 357 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 50691 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।
Read More : ਸੰਗਰੂਰ ਪੁਲਸ ਵੱਲੋਂ ਬੱਸ ਸਟੈਂਡ ’ਚ ਛਾਪੇਮਾਰੀ; 02 ਸ਼ੱਕੀ ਕਾਬੂ
