ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉੱਤਰਾਖੰਡ ਲਈ ਰਵਾਨਾ
ਅੰਮ੍ਰਿਤਸਰ, 6 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉੱਤਰਾਖੰਡ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨਾਲ ਗੁਰ-ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਤੋਂ ਆਰੰਭ ਹੋ ਕੇ ਸਾਹਗੜ੍ਹ, ਪੀਲੀਭੀਤ, ਮਝੋਲਾ, ਖਟੀਮਾ, ਝਨਕਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ।
Read More : ਲਾਲਜੀਤ ਭੁੱਲਰ ਨੇ ਪੱਟੀ ਹਲਕੇ ਦੇ ਪਿੰਡ ਭਾਓਵਾਲ ਵਿਚ ਖੋਲ੍ਹਿਆ ਰਾਹਤ ਕੈਂਪ