ਵਿਆਹ ਸਮਾਰੋਹ ਤੋਂ ਪਰਤ ਰਿਹਾ ਸੀ ਪਰਿਵਾਰ; ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫ਼ਰਾਰ
ਸਰਦੂਲਗੜ੍ਹ, 7 ਫਰਵਰੀ : ਮਾਨਸਾ ਦੇ ਸਰਦੂਲੇਵਾਲਾ ਪਿੰਡ ਨੇੜੇ ਦੇਰ ਰਾਤ ਇਕ ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ’ਚ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਕਾਰ ਡਰਾਈਵਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਆਰਟਿਗਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਰਸਾ ਨਿਵਾਸੀ ਅਸ਼ੋਕ ਕੁਮਾਰ (60), ਊਸ਼ਾ ਰਾਣੀ (59), ਰਾਧਾ ਦੇਵੀ (95) ਅਤੇ ਰਿਤੂ (53) ਇਕ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਤੋਂ ਬਾਅਦ ਕਾਰ ਰਾਹੀਂ ਆਪਣੇ ਪਿੰਡ ਵਾਪਸ ਜਾ ਰਹੇ ਸਨ। ਰਾਤ ਕਰੀਬ 9:30 ਵਜੇ ਸਰਦੂਲੇਵਾਲਾ ਪਿੰਡ ਕੋਲ ਸਾਹਮਣਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਚਾਰਾਂ ਮੈਂਬਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਕਾਰ ਚਾਲਕ ਸੰਦੀਪ ਸਿੰਘ, ਜੋ ਕਿ ਹਰਿਆਣਾ ਦੇ ਫਰਮਾਹੀ ਪਿੰਡ ਦਾ ਰਹਿਣ ਵਾਲਾ ਹੈ, ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਅਤੇ ਫਿਲਹਾਲ ਕੋਮਾ ’ਚ ਦੱਸਿਆ ਜਾ ਰਿਹਾ ਹੈ। ਉਸ ਨੂੰ ਇਲਾਜ ਲਈ ਸਿਰਸਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਸਰਦੂਲਗੜ੍ਹ ਪੁਲਸ ਥਾਣੇ ਦੇ ਮੁਖੀ ਗਣੇਸ਼ਵਰ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਰਿਸ਼ਤੇਦਾਰ ਵਿਵੇਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Read More : 62 ਸਾਲਾ ਔਰਤ ਦੀ ਗੋਲੀ ਲੱਗਣ ਨਾਲ ਮੌਤ
