smugglers

3 ਕਿਲੋ ਹੈਰੋਇਨ ਸਣੇ 5 ਸਮੱਗਲਰ ਗ੍ਰਿਫਤਾਰ

2 ਮੋਬਾਈਲ ਬਰਾਮਦ

ਫਿਰੋਜ਼ਪੁਰ, 29 ਜੂਨ :–ਜ਼ਿਲਾ ਫਿਰੋਜ਼ਪੁਰ ’ਚ ਪੁਲਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਅਤੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਅਤੇ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ ਫਿਰੋਜ਼ਪੁਰ ਪੁਲਸ ਨੇ 2 ਵੱਖ-ਵੱਖ ਥਾਵਾਂ ਤੋਂ ਕਾਰ ਅਤੇ ਮੋਟਰਸਾਈਕਲ ’ਚ ਆ ਰਹੇ 5 ਨਸ਼ਾ ਸਮੱਗਲਰਾਂ ਨੂੰ 3 ਕਿਲੋ 602 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।

ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਪੁਲਸ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ’ਚ ਗਸ਼ਤ ਕਰ ਰਿਹਾ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਵਿਸ਼ਾਲ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੱਲਾ ਨਾਨਕਪੁਰਾ ਨੇੜੇ ਬੰਸੀ ਗੇਟ ਫਿਰੋਜ਼ਪੁਰ ਸ਼ਹਿਰ ਅਤੇ ਸ਼ਿਵਮ ਕੁਮਾਰ ਪੁੱਤਰ ਸੰਦੀਪ ਕੁਮਾਰ ਵਾਸੀ ਕੱਚਾ ਜ਼ੀਰਾ ਰੋਡ (ਦਾਣਾ ਮੰਡੀ ਦੇ ਸਾਹਮਣੇ) ਫਿਰੋਜ਼ਪੁਰ ਸ਼ਹਿਰ ਇਕੱਠੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਇਹ ਦੋਵੇਂ ਨਸ਼ਾ ਸਮੱਗਲਰ ਪੰਜਾਬ ਦੀ ਸ਼ੈਵਰਲੇਟ ਕਾਰ ’ਚ ਹੈਰੋਇਨ ਵੇਚਣ ਲਈ ਆਏ ਹਨ ਅਤੇ ਕਾਰ ’ਚ ਗਾਹਕਾਂ ਦੀ ਉਡੀਕ ਕਰ ਰਹੇ ਹਨ।

ਇਸ ਗੁਪਤ ਸੂਚਨਾ ਦੇ ਆਧਾਰ ’ਤੇ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਉਥੇ ਰੇਡ ਕਰਦੇ ਦੋਵੇਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 1 ਕਿਲੋ 591 ਗ੍ਰਾਮ ਹੈਰੋਇਨ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ।

ਦੂਜੇ ਪਾਸੇ ਜਦੋਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਪਾਰਟੀ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ, ਸਰਬਜੀਤ ਸਿੰਘ ਉਰਫ ਸਾਬੀ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਚਾਂਦੀ ਵਾਲਾ ਅਤੇ ਪੰਮਾ ਸਿੰਘ ਪੁੱਤਰ ਗੁਰਨੇਕ ਸਿੰਘ ਵਾਸੀ ਪਿੰਡ ਸਾਹਨ ਬਾਰਡਰ ਰੋਡ ’ਤੇ ਪੰਜਾਬ ਨੰਬਰ ਦੇ ਮੋਟਰਸਾਈਕਲ ’ਤੇ ਹੈਰੋਇਨ ਲਿਆ ਰਹੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੋਟਰਸਾਈਕਲ ’ਤੇ ਆ ਰਹੇ ਤਿੰਨ ਨਾਮਜ਼ਦ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੀ ਤਲਾਸ਼ੀ ਲੈਣ ’ਤੇ 2 ਕਿਲੋ 11 ਗ੍ਰਾਮ ਹੈਰੋਇਨ ਬਰਾਮਦ ਹੋਈ।

ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਸਦਰ ਫਿਰੋਜ਼ਪੁਰ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨਸ਼ਾ ਸਮੱਗਲਰਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਜਾਵੇਗਾ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

Read More : ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੇ ਨਿਕਲੇ ਸਾਹ

Leave a Reply

Your email address will not be published. Required fields are marked *