ਜੈਪੁਰ-ਆਗਰਾ ਹਾਈਵੇਅ ‘ਤੇ ਤੇਜ਼ ਰਫ਼ਤਾਰ ਕਾਰ ਡਿਵਾਈਡਰ ਟੱਪ ਕੇ ਟ੍ਰੇਲਰ ਨਾਲ ਟਕਰਾਈ
ਦੌਸਾ, 11 ਫਰਵਰੀ : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 6 ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਸਾਰੇ ਦੋਸਤ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੇ ਘਰ ਪਰਤ ਰਹੇ ਸਨ।
ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਲਗਭਗ 11 ਵਜੇ ਜੈਪੁਰ-ਆਗਰਾ ਰਾਸ਼ਟਰੀ ਰਾਜਮਾਰਗ ‘ਤੇ ਕੈਲਾਈ ਪਿੰਡ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਕਾਰ ਡਿਵਾਈਡਰ ਨੂੰ ਪਾਰ ਕਰਦੀ ਹੋਈ ਸੜਕ ਦੇ ਦੂਜੇ ਪਾਸੇ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੇ ਇੱਕ ਟ੍ਰੇਲਰ ਨਾਲ ਸਿੱਧੀ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਟ੍ਰੇਲਰ ਦੇ ਹੇਠਾਂ ਬੁਰੀ ਤਰ੍ਹਾਂ ਫਸ ਗਈ, ਜਿਸ ਨੂੰ ਬਾਅਦ ਵਿੱਚ ਕਰੇਨ ਦੀ ਮਦਦ ਨਾਲ ਵੱਖ ਕਰਨਾ ਪਿਆ।
ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਰਾਹਗੀਰਾਂ ਨੇ ਕਾਰ ਵਿੱਚ ਫਸੇ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ। ਚਾਰ ਨੌਜਵਾਨਾਂ ਨੂੰ ਸਿਕੰਦਰਾ ਹਸਪਤਾਲ ਵਿੱਚ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਦੋ ਹੋਰ ਗੰਭੀਰ ਜ਼ਖ਼ਮੀਆਂ ਨੂੰ ਦੌਸਾ ਜ਼ਿਲ੍ਹਾ ਹਸਪਤਾਲ ਅਤੇ ਜੈਪੁਰ ਦੇ ਐਸਐਮਐਸ ਹਸਪਤਾਲ ਰੈਫਰ ਕੀਤਾ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ।
ਮ੍ਰਿਤਕਾਂ ਦੀ ਪਛਾਣ ਮ੍ਰਿਤਕਾਂ ਦੀ ਪਛਾਣ ਰਾਮ ਸਿੰਘ ਯੋਗੀ (25), ਲੋਕੇਸ਼ (24), ਦਿਲਖੁਸ਼ (24), ਮਨੀਸ਼ (23), ਅੰਕਿਤ (26) ਅਤੇ ਨਵੀਨ (23) ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਸਾਰੇ ਦੌਸਾ ਦੇ ਕਾਲਾਖੋ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੰਗਲਵਾਰ ਨੂੰ ਅਭਾਨੇਰੀ ਪਿੰਡ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਗਏ ਸਨ।
ਇਸ ਘਟਨਾ ਤੋਂ ਬਾਅਦ ਪਿੰਡ ਕਾਲਾਖੋ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Read More : ਟੀ-20 ਵਿਸ਼ਵ ਕੱਪ :ਨਿਊਜ਼ੀਲੈਂਡ ਨੇ ਯੂਏਈ ਨੂੰ 10 ਵਿਕਟਾਂ ਨਾਲ ਹਰਾ ਕੇ ਦਰਜ ਕੀਤੀ ਦੂਜੀ ਜਿੱਤ
