ਖਨੌਰੀ ਬਾਰਡਰ ’ਤੇ ਕਿਸਾਨਾਂ ਨੇ ਵਿਸ਼ਾਲ ਰੋਸ ਰੈਲੀ ਕੀਤੀ
ਖਨੌਰੀ : ਅੱਜ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 7ਵਾਂ ਦਿਨ ਵੀ ਜਾਰੀ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ਨਾਜ਼ੁਕ ਹੁੰਦੀ ਜਾ ਰਹੀ ਹੈ।
ਇਸ ਮੌਕੇ ਵਿਸ਼ਾਲ ਰੈਲੀ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੇ ਉਪ ਰਾਸ਼ਟਰਪਤੀ ਮਾਣਯੋਗ ਜਗਦੀਪ ਧਨਖੜ ਨੇ ਕੱਲ੍ਹ ਇਕ ਪ੍ਰੋਗਰਾਮ ’ਚ ਕਿਹਾ ਸੀ ਕਿ ਜਦੋਂ ਕਿਸਾਨ ਭਾਈਚਾਰਾ ਪ੍ਰੇਸ਼ਾਨ ਹੁੰਦਾ ਹੈ ਤਾਂ ਸਾਨੂੰ ਨੀਂਦ ਕਿਵੇਂ ਆਉਂਦੀ ਹੈੈ, ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਉਪ ਰਾਸ਼ਟਰਪਤੀ ਦੇ ਦਰਵਾਜ਼ੇ ਕਿਸਾਨਾਂ ਲਈ 24 ਘੰਟੇ ਖੁੱਲ੍ਹੇ ਹਨ।
ਉਪ ਰਾਸ਼ਟਰਪਤੀ ਦੇ ਬਿਆਨ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਉਪ ਰਾਸ਼ਟਰਪਤੀ ਜੀ ਦੇ ਵਿਚਾਰਾਂ ਦਾ ਸਤਿਕਾਰ ਕਰਦੇ ਹਨ ਪਰ ਜੇਕਰ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹਨ ਤਾਂ ਉਹ ਸਰਕਾਰ ਨੂੰ ਆਦੇਸ਼ ਦੇਣ ਕਿ ਵੱਖ-ਵੱਖ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।
ਕਿਸਾਨ ਪ੍ਰਦਰਸ਼ਨ ਕਰਦੇ ਦੇ ਹੱਕਦਾਰ ਪਰ ਰਸਤੇ ’ਚ ਰੁਕਾਵਟਾਂ ਨਾ ਪਾਉਣ : ਸੁਪਰੀਮ ਕੋਰਟ
ਅੱਜ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਆਖਿਆ ਕਿ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਹੱਕਦਾਰ ਹਨ ਪਰ ਹਾਈਵੇ ’ਤੇ ਰੁਕਾਵਟਾਂ ਨਾ ਪਾਉਣ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ, ਜਿਸ ਵਿਚ ਕਾਨੂੰਨੀ ਐੱਮ. ਐੱਸ. ਪੀ. ਗਾਰੰਟੀ ਅਤੇ ਮੁਆਵਜ਼ੇ ਸ਼ਾਮਲ ਹਨ, ਜੋ ਸਰਕਾਰ ਦੁਆਰਾ ਅਣਸੁਲਝੀਆਂ ਹਨ, ਬਾਰੇ ਵਿਚਾਰ ਹੋਣਾ ਚਾਹੀਦਾ ਹੈ।