ਹੁਸ਼ਿਆਰਪੁਰ :-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਅਲੋਕ ਨੂੰ 8000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰ ਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਨ੍ਹਾਂ ਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ ਸੀ। ਇਸ ਕਬਜ਼ੇ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਨੂੰ ਭੇਜਣ ਦੇ ਬਦਲੇ ਉਕਤ ਰੀਡਰ ਨੇ 10,000 ਰੁਪਏ ਦੀ ਰਿਸ਼ਵਤ ਮੰਗੀ ਸੀ, ਪਰ ਸ਼ਿਕਾਇਤਕਰਤਾ ਦੇ ਕਹਿਣ ’ਤੇ ਮੁਲਜ਼ਮ 8000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
