ਗੰਨੇ ਦਾ ਬਕਾਇਆ, ਲੈਂਡ ਪੂਲਿੰਗ ਤੇ ਯੂਰੀਆ ਦੀ ਘਾਟ ਸਮੇਤ ਹੋਰ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ
ਗੁਰਦਾਸਪੁਰ, 2 ਅਗਸਤ : ਗੰਨੇ ਦਾ ਬਕਾਇਆ, ਲੈਂਡ ਪੂਲਿੰਗ ਤੇ ਯੂਰੀਆ ਦੀ ਘਾਟ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਮਾਝਾ ਕਿਸਾਨ ਮਜ਼ਦੂਰ ਮੋਰਚਾ ਨੇ ਗੁਰਦਾਸਪੁਰ ਦੇ ਬਬਰੀ ਬਾਈਪਾਸ ਚੌਂਕ ’ਤੇ ਨੈਸ਼ਨਲ ਹਾਈਵੇਅ ਜਾਮ ਕਰ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੋਰਚੇ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੂਗਰ ਮਿੱਲਾਂ ਵੱਲ ਕਿਸਾਨਾਂ ਦਾ ਕਰੀਬ 120 ਕਰੋੜ ਰੁਪਏ ਦਾ ਗੰਨੇ ਦਾ ਬਕਾਇਆ ਹੈ, ਜਿਸ ਨੂੰ ਜਾਰੀ ਨਹੀਂ ਕੀਤੀ ਜਾ ਰਿਹਾ, ਜਿਸ ਕਰ ਕੇ ਕਿਸਾਨਾਂ ਵਿਚ ਭਾਰੀ ਰੋਸ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲੇ ਵਿਚ ਯੂਰੀਆ ਖਾਦ ਦੀ ਭਾਰੀ ਘਾਟ ਹੈ, ਜਿਸ ਕਾਰਨ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ।
ਕਿਸਾਨ ਆਗੂਆਂ ਨੇ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਵੀ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਦੇਣ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਸ ਪਾਲਿਸੀ ਨੂੰ ਰੱਦ ਕੀਤਾ ਜਾਵੇ।
ਬਲਵਿੰਦਰ ਸਿੰਘ ਨੇ ਪਿਛਲੇ ਸਾਲ ਦੀ ਝੋਨੇ ਦੀ ਖਰੀਦ ਦੌਰਾਨ ‘ਕੱਟ’ ਪ੍ਰਣਾਲੀ ਦੇ ਨਾਂ ‘ਤੇ ਹੋਈ ਲੁੱਟ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਵਾਰ ਕਿਸਾਨਾਂ ਨੂੰ ਲੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਸਰਕਾਰ ਨੂੰ ਖੁਦ ਇਸ ਸਬੰਧੀ ਨੀਤੀ ਬਣਾ ਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
ਕਿਸਾਨ ਆਗੂਆਂ ਨੇ ਸਾਫ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਧਰਨਾ ਸਥਾਈ ਰੂਪ ਧਾਰਨ ਕਰ ਲਵੇਗਾ ਅਤੇ ਨੈਸ਼ਨਲ ਹਾਈਵੇਅ ਨੂੰ ਪੱਕੇ ਤੌਰ ‘ਤੇ ਬੰਦ ਕਰ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।
Read More : ਐੱਸ.ਜੀ.ਪੀ.ਸੀ. ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ. ਸੀ. ‘ਤੇ ਕਾਰਵਾਈ
