Harbhajan Singh ETO

ਸੂਬੇ ’ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਈਟੀਓ

ਪੰਜਾਬ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਭ ਤੋਂ ਵੱਧ ਅਸਥਾਨ ਪਟਿਆਲਾ ’ਚ ਸਥਿਤ : ਤਰੁਨਪ੍ਰੀਤ ਸੌਂਦ

  • ਪਟਿਆਲਾ ਜ਼ਿਲੇ ਦੇ ਅਸਥਾਨਾਂ ਨੂੰ ਵਿਕਸਤ ਕਰਨ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ

ਪਟਿਆਲਾ, 4 ਅਗਸਤ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰ ਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਕਰ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ।

ਇਸ ਮੌਕੇ ਉਨ੍ਹਾਂ ਜ਼ਿਲਾ ਪ੍ਰਸ਼ਾਸਨ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋਏ। ਸਮਾਗਮਾਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ।

ਇਸ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ ’ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ ’ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲੇ ’ਚ ਸਥਿਤ ਹਨ, ਜਿਨ੍ਹਾਂ ਦੇ ਚਹੁੰ-ਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ। ਉਨ੍ਹਾਂ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਅਭਿਨਵ ਤ੍ਰਿਖਾ, ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲਾ ਯੋਜਨਾ ਕਮੇਟੀ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।

ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ. ਟੀ. ਓ. ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ’ਚ ਹੋਰ ਕਿੱਧਰੇ ਨਹੀਂ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਦਿਹਾੜਾ 19 ਤੋਂ 25 ਨਵੰਬਰ ਤੱਕ 6 ਦਿਨ ਸੂਬਾ ਪੱਧਰੀ ਸਮਾਗਮ ਕਰਵਾ ਕੇ ਸੂਬਾ ਸਰਕਾਰ ਵੱਲੋਂ ਇਕ ਨਿਮਾਣੇ ਸੇਵਕ ਵਜੋਂ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ।

ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਜ਼ਿਲਾ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੌਰਾਨ ਇਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ। ਇਸ ਲਈ ਆਓ ਸਾਰੇ ਰਲਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਇਕ ਪੁਲ ਦਾ ਕੰਮ ਕਰ ਕੇ ਆਪਣਾ ਯੋਗਦਾਨ ਪਾਈਏ। ਦੀਪਕ ਬਾਲੀ ਨੇ ਦੱਸਿਆ ਕਿ ਇਤਿਹਾਸਕ ਹਵਾਲਿਆਂ ਮੁਤਾਬਕ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 3 ਮਹੀਨਿਆਂ ਤੋਂ ਵਧੇਰੇ ਸਮਾਂ ਬਿਤਾਇਆ ਹੈ। ਇਸ ਲਈ ਪਟਿਆਲਾ ਇਕ ਗੁਰੂ ਸਾਹਿਬ ਤੋਂ ਵਰੋਸਾਇਆ ਸ਼ਹਿਰ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਅਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ’ਚ ਕਸ਼ਮੀਰ ਸਮੇਤ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ 2 ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ, ਜੋ ਸੂਬੇ ਦੇ ਲਗਭਗ ਸਾਰੇ ਜ਼ਿਲਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿਖੇ ਪੁੱਜੇਗੀ ਤੇ ਵਿਸ਼ਰਾਮ ਕਰੇਗੀ।

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼-ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ-ਏ-ਖਾਲਸਾ ’ਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸ਼ਾਉਂਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਇਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ। ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲੇ ਦੀ ਗੁਰੂ ਸਾਹਿਬ ਦੀ ਪਵਿੱਤਰ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਬਣਾਈ ਤਜਵੀਜ਼ ਸਮੇਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਕੈਬਨਿਟ ਮੰਤਰੀਆਂ ਨਾਲ ਸਾਂਝੀ ਕੀਤੀ।

Read More : ਕੈਦੀ ਖੁਦਕੁਸ਼ੀ ਮਾਮਲੇ ‘ਚ ਜੇਲ ਸੁਪਰਡੈਂਟ ਦਾ ਤਬਾਦਲਾ

Leave a Reply

Your email address will not be published. Required fields are marked *