arrested

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਗ੍ਰਿਫਤਾਰ

ਜਲਾਲਾਬਾਦ 6 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ. ਐੱਸ. ਪੀ. ਸੀ. ਐੱਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ।

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000 ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ’ਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ।

ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅੱਜ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Read More : ਬਟਾਲਾ ਗੈਸ ਧਮਾਕੇ ’ਚ ਝੁਲਸੇ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

Leave a Reply

Your email address will not be published. Required fields are marked *