Electricity employees

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਬਿਜਲੀ ਮੰਤਰੀ ਨੇ ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਕੀਤੀ ਮੁਲਾਕਾਤ

ਪਟਿਆਲਾ, 14 ਅਗਸਤ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।

ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਵਿੱਤ ਮੰਤਰੀ ਪੰਜਾਬ ਅਤੇ ਹਰਭਜਨ ਸਿੰਘ ਟੀ. ਟੀ. ਓ. ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀ. ਐੱਸ. ਪੀ. ਸੀ. ਐੱਲ. ਪ੍ਰਸ਼ਾਸਨ ਦੀ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ ਅਤੇ ਪੀ. ਐੱਸ. ਪੀ. ਸੀ. ਐੱਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ, ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ।

ਇਸ ਸਬੰਧੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦ ਹੀ ਪੀ. ਐੱਸ. ਪੀ. ਸੀ. ਐੱਲ. ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲੈਣ ਲਈ ਜਾਵੇਗੀ ਅਤੇ ਜਿਨ੍ਹਾਂ ਮੰਗਾਂ ਸਬੰਧੀ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਉਹ ਵੀ ਜਲਦ ਹਾਂਸਲ ਕਰ ਲਈ ਜਾਵੇਗੀ।

ਬਿਜਲੀ ਮੰਤਰੀ ਨੇ ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦੀ ਵੀ ਧੰਨਵਾਦ ਕੀਤਾ, ਜੋ ਕਿ ਸਰਕਾਰ ਦੀ ਗੱਲ ਮੰਨ ਕੇ ਕੰਮ ’ਤੇ ਵਾਪਸ ਪਰਤ ਆਏ ਹਨ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਪੀ. ਐੱਸ. ਪੀ. ਸੀ. ਐੱਲ. ਲਈ ਬਹੁਤ ਅਹਿਮ ਸਮਾਂ ਹੁੰਦਾ ਹੈ ਕਿਉਂਕਿ ਗਰਮੀ ਵਿਚ ਘਰਾਂ ਨੂੰ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਪੂਰਤੀ ਲਈ ਬਿਜਲੀ ਦੀ ਸੁਚਾਰੂ ਸਪਲਾਈ ਬਹੁਤ ਜ਼ਰੂਰੀ ਹੁੰਦੀ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਧੀਆਂ ਪੁੱਤਰ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਅਤੇ ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਬੀਤੇ ਸਾਢੇ ਤਿੰਨ ਸਾਲ ’ਚ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਇਸ ਸਬੰਧੀ ਮੰਗ ਸੀ ਕਿ ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐੱਲ. ਵਿਚ ਹੋਰ ਭਰਤੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਤੱਕ 7000 ਤੋਂ ਵੱਧ ਭਰਤੀ ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐੱਲ. ਵਿਚ ਹੁਣ ਤੱਕ ਕਰ ਦਿੱਤੀ ਹੈ ਅਤੇ ਇਸ ਸਾਲ ਦੇ ਅੰਤ ਤੱਕ 11000 ਦੇ ਕਰੀਬ ਹੋਰ ਭਰਤੀ ਮੁਕੰਮਲ ਕਰ ਦਿੱਤੀ ਜਾਵੇਗੀ। ਇਸੇ ਤਰ੍ਹਾਂ ਐਕਸ ਗ੍ਰੇਸੀਆ ਵਿਚ ਪੰਜ ਲੱਖ ਰੁਪਏ ਦਾ ਵਾਧਾ ਕਰ ਕੇ 35 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਆਊਟ ਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਕਮੇਟੀ ਬਣਾਈ ਗਈ ਹੈ ਜਿਵੇਂ ਹੀ ਇਹ ਕਮੇਟੀ ਰਿਪੋਰਟ ਦਿੰਦੀ ਹੈ ਉਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਅਖੀਰ ਵਿਚ ਬਿਜਲੀ ਮੰਤਰੀ ਨੇ ਕਿਹਾ ਪੰਜਾਬ ਦੀ ਜਨਤਾ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।

Leave a Reply

Your email address will not be published. Required fields are marked *