ਅੰਮ੍ਰਿਤਸਰ, 18 ਅਗਸਤ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਸੰਬੰਧੀ 14 ਜੁਲਾਈ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕਰ ਲਿਆ ਗਿਆ ਹੈ।
ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਿਤ ਹੁੰਦਿਆਂ ਇੱਥੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਹੈ।
ਇਸ ਮਾਮਲੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਨੇ ਦੱਸਿਆ ਕਿ ਸਾਲ 2022 ਵਿਚ ਉਸ ਸਮੇਂ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਵੱਲੋਂ ਕੁਝ ਕਾਰਨਾਂ ਕਰ ਕੇ ਜਥੇਦਾਰ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ’ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਵਿਰੁੱਧ ਅਦਾਲਤ ਵਿਚ ਕੇਸ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ’ਤੇ ਖ਼ਾਲਸਾ ਪੰਥ ਦੀ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਜਾਰੀ ਕਰ ਕੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਸਾਰੇ ਅਦਾਲਤੀ ਕੇਸ ਵਾਪਸ ਲੈਣ ਅਤੇ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਦਾ ਬਣਦਾ ਬਕਾਇਆ ਦੇਣ ਲਈ ਕਿਹਾ ਗਿਆ ਸੀ।
ਜਗਜੋਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਰਾਸ਼ਟਰ ਤੋਂ ਮੈਂਬਰ ਗੁਰਵਿੰਦਰ ਸਿੰਘ ਬਾਵਾ ਅਤੇ ਮੁੰਬਈ ਤੋਂ ਜਸਬੀਰ ਸਿੰਘ ਧਾਮ ਵੱਲੋਂ ਦੋਵੇਂ ਪੱਖਾਂ ਵਿਚਕਾਰ ਸਹਿਮਤੀ ਲਈ ਕੀਤੇ ਗਏ ਯਤਨਾਂ ਤੋਂ ਬਾਅਦ ਬੀਤੇ ਕੱਲ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਪ੍ਰਬੰਧਕ ਕਮੇਟੀ ਵੱਲੋਂ ਬਣਦਾ ਬਕਾਇਆ ਅਦਾ ਕਰਨ ਤੋਂ ਬਾਅਦ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਨਾਲ ਵਿਦਾਈ ਦਿੱਤੀ ਗਈ ਹੈ।
ਪੰਥਕ ਸੰਸਥਾਵਾਂ ਲਈ ਚੰਗਾ ਕਦਮ : ਐਡਵੋਕਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਚੱਲ ਰਹੇ ਵਿਵਾਦ ਦੇ ਹੱਲ ਹੋਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਇਸ ਨੂੰ ਪੰਥਕ ਸੰਸਥਾਵਾਂ ਲਈ ਚੰਗਾ ਕਦਮ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਵਿਵਾਦ ਚੱਲ ਰਿਹਾ ਸੀ, ਜਿਸ ਨਾਲ ਸਿੱਖ ਸੰਗਤਾਂ ਅੰਦਰ ਵੱਡੀ ਚਿੰਤਾ ਸੀ। ਐਡਵੋਕੇਟ ਧਾਮੀ ਨੇ ਇਸ ਵਿਵਾਦ ਦੇ ਹੱਲ ਲਈ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਵੱਲੋਂ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਵੱਲੋਂ ਲਿਆ ਗਿਆ ਫੈਸਲਾ ਦੂਰਦਰਸ਼ੀ ਕਦਮ ਹੈ।
Read More : ਬੀਜਾਪੁਰ ਵਿਚ ਆਈਈਡੀ ਧਮਾਕੇ ਵਿਚ ਡੀ.ਆਰ.ਜੀ .ਜਵਾਨ ਸ਼ਹੀਦ