ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ
ਅੰਮ੍ਰਿਤਸਰ, 27 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ’ਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਜਮਸ਼ੇਦਪੁਰ ਟਾਟਾ ਨਗਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਟੈਲਕੋ ਜਮਸ਼ੇਦਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਂਚੀ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਇਸ ਦੌਰਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਰਘੁਬਰ ਦਾਸ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਵਿਖੇ ਰੁਕੇਗਾ, ਜਿੱਥੋਂ 28 ਅਗਸਤ ਨੂੰ ਅਗਲੇ ਪੜਾਅ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ ਹੋਵੇਗਾ।
Read More : ਮੁੱਖ ਮੰਤਰੀ ਮਾਨ ਨੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਛੱਡਿਆ ਹੈਲੀਕਾਪਟਰ
