ਅਜਨਾਲਾ, 1 ਸਤੰਬਰ :-ਰਾਵੀ ਦਰਿਆ ਦੀ ਮਾਰ ਹੇਠ ਆਏ ਅਜਨਾਲਾ ਹਲਕੇ ਦੇ ਪਿੰਡਾਂ ਵਿਚ ਫਸਲਾਂ, ਘਰ, ਪਸ਼ੂ, ਕਾਰੋਬਾਰ ਤਬਾਹ ਹੋ ਗਏ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਨਾਲ-ਨਾਲ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣ, ਕਾਰ ਸੇਵਾ ਵਾਲੇ ਮਹਾਪੁਰਖ ਵੀ ਵੱਡੇ ਪੱਧਰ ’ਤੇ ਕੰਮ ਕਰ ਰਹੇ ਹਨ।
ਅੱਜ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਜਨਾਲਾ ਹਲਕੇ ਵਿਚ ਰਾਹਤ ਕੰਮਾਂ ਵਿਚ ਸਾਥ ਦੇਣ ਲਈ ਉਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਨੇ ਆਪ ਹੜ੍ਹ ਪੀੜਤ ਇਲਾਕੇ ਵਿਚ ਟਰੈਕਟਰ ’ਤੇ ਜਾ ਕੇ ਲੋਕਾਂ ਨੂੰ ਪਸ਼ੂ ਚਾਰੇ ਲਈ ਫੀਡ ਦੀਆਂ ਬੋਰੀਆਂ ਵੰਡੀਆਂ।
ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਗੁਰਪ੍ਰਤਾਪ ਸਿੰਘ ਸੰਧੂ, ਬਲਜਿੰਦਰ ਸਿੰਘ ਥਾਂਦੇ, ਖੁਸ਼ਪਾਲ ਧਾਲੀਵਾਲ, ਸ਼ਹਿਰੀ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਭੱਟੀ ਅਤੇ ਹੋਰ ਆਗੂ ਵੀ ਲੋਕਾਂ ਦਾ ਇਸ ਸੰਕਟ ਦੀ ਘੜੀ ਸਾਥ ਦੇਣ ਵਾਸਤੇ ਆਏ ਹੋਏ ਹਨ।
ਮੀਤ ਹੇਅਰ ਨੇ ਕਿਹਾ ਕਿ ਸਰਕਾਰ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ, ਚੇਅਰਮੈਨਾਂ ਅਤੇ ਹੋਰ ਅਹੁਦੇਦਾਰਾਂ ਦੀਆਂ ਡਿਊਟੀਆਂ ਰਾਹਤ ਲਈ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੇਲਾ ਸੰਕਟ ਵਿੱਚੋਂ ਲੋਕਾਂ ਨੂੰ ਕੱਢਣ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਹੈ।
Read More : ਟਾਂਗਰੀ ਨਦੀ ਫਿਰ ਖਤਰੇ ਦੇ ਨਿਸ਼ਾਨ ’ਤੇ ਪਹੁੰਚੀ