DC Himanshu Aggarwal

ਡੀ. ਸੀ. ਨੇ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੁਲਾਜ਼ਮਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ

ਜਲੰਧਰ, 2 ਸਤੰਬਰ : ਜ਼ਿਲਾ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਰਾਹਤ ਕੇਂਦਰਾਂ ਵਿਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਾਲਾਤ ਵਿਚ ਅਗਾਉਂ ਉਚਿਤ ਬੰਦੋਬਸਤ ਯਕੀਨੀ ਬਣਾਏ ਜਾਣ ਤਾਂ ਜੋ ਲੋੜ ਪੈਣ ‘ਤੇ ਲੋਕਾਂ ਨੂੰ ਸੁਚਾਰੂ ਢੰਗ ਅਤੇ ਸਮਰਪਣ ਭਾਵਨਾ ਨਾਲ ਰਾਹਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੜ੍ਹ ਸੰਭਾਵਿਤ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲੇ ਵਿਚ 54 ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਮੈਡੀਕਲ ਸਹੂਲਤ ਤੋਂ ਇਲਾਵਾ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ 8 ਰਾਹਤ ਕੇਂਦਰ ਮੌਜੂਦਾ ਸਮੇਂ ਕਾਰਜਸ਼ੀਲ ਹਨ, ਜਿੱਥੇ ਅਹਿਤਿਆਤ ਵਜੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਇੱਥੇ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਤੁਹਾਡੇ ਨਾਲ ਖੜ੍ਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਹੈਲਪ ਲਾਈਨ ਨੰਬਰ 0181-2240064 ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਸ਼ਾਮ ਨੂੰ ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਆਉਣ ਤੋਂ ਬਾਅਦ ਸਤਲੁਜ ਵਿੱਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਅਹਿਤਿਆਤ ਵਜੋਂ ਜ਼ਰੂਰੀ ਕਦਮ ਪੁੱਟਣੇ ਜ਼ਰੂਰੀ ਹਨ।

ਉਨ੍ਹਾਂ ਨੀਵੇਂ ਅਤੇ ਹੜ੍ਹ ਸੰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਉਹ ਦਰਿਆ ਦੇ ਕਿਨਾਰਿਆਂ ਨੇੜੇ ਜਾਣ ਤੋਂ ਬਚਣ ਅਤੇ ਲੋੜ ਪੈਣ ‘ਤੇ ਉੱਚੀਆਂ ਥਾਵਾਂ ‘ਤੇ ਸਥਾਪਤ ਕੀਤੇ ਗਏ ਰਾਹਤ ਕੈਂਪਾਂ ਵਿਚ ਚਲੇ ਜਾਣ।

ਲੋਕਾਂ ਨੂੰ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ

ਡਾ. ਅਗਰਵਾਲ ਨੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਬਿਨ੍ਹਾਂ ਕਿਸੇ ਕੰਮ ਤੋਂ ਸਤਲੁਜ ਦੇ ਬੰਨ੍ਹਾਂ ‘ਤੇ ਇਕੱਠੇ ਨਾ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸਡੀਐਮ ਸ਼ੁਭੀ ਆਂਗਰਾ, ਡੀਐਸਪੀ ਓਂਕਾਰ ਸਿੰਘ ਬਰਾੜ, ਡੀਆਰਓ ਨਵਦੀਪ ਸਿੰਘ ਭੋਗਲ ਅਤੇ ਨੋਡਲ ਅਫ਼ਸਰ ਸਕੱਤਰ ਆਰਟੀਏ ਬਲਬੀਰ ਰਾਜ ਸਿੰਘ ਵੀ ਮੌਜੂਦ ਸਨ।

Read More : ਰਾਜਨੀਤੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਨਾਲ ਖੜ੍ਹਨ ਦਾ ਵੇਲਾ : ਮੀਤ ਹੇਅਰ

Leave a Reply

Your email address will not be published. Required fields are marked *