ਲਖਨਊ, 5 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜੈਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਉੱਤਰ ਪ੍ਰਦੇਸ਼ ਦੇ ਖੇਤੀ ਮੰਤਰੀ ਬਲਦੇਵ ਸਿੰਘ ਔਲਖ, ਘਟਗਿਣਤੀ ਕਮਿਸ਼ਨ ਦੇ ਮੈਂਬਰ ਹਰਪਾਲ ਸਿੰਘ ਜੱਗੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਅੱਜ ਇਹ ਨਗਰ ਕੀਰਤਨ ਯਹੀਆ ਗੰਜ ਲਖਨਊ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਪੁੱਜਾ। ਰਸਤੇ ’ਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ।
Read More : ਕਾਗਰਸ ਆਗੂ ਦਾ ਗੋਲੀਆਂ ਮਾਰ ਕੇ ਕਤਲ