ਭਾਜਪਾ ਕਾਰਜਕਾਰੀ ਪ੍ਰਧਾਨ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪਠਾਨਕੋਟ, 13 ਸਤੰਬਰ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਜ਼ਿਲਾ ਪਠਾਨਕੋਟ ਦੇ ਅਧੀਨ ਭੋਆ ਹਲਕੇ ਦੇ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ।
ਕੋਹਲੀਆਂ, ਮਨਜੀਰੀ ਅਤੇ ਪੰਮਾ ਆਦਿ ਪਿੰਡਾਂ ’ਚ ਪਹੁੰਚੇ ਅਸ਼ਵਨੀ ਸ਼ਰਮਾ ਨੇ ਪੀੜਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਪੰਜਾਬੀ ਇਸ ਸੰਗੀਨ ਹਾਲਤ ’ਚ ਇਕੱਲੇ ਨਹੀਂ ਹਨ, ਭਾਜਪਾ ਹਰ ਵੇਲੇ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਲੋਕਾਂ ਨੂੰ ਜਾਇਦਾਦ, ਖੇਤੀਬਾੜੀ ਅਤੇ ਪਸ਼ੂ-ਪਾਲਣ ’ਚ ਭਾਰੀ ਨੁਕਸਾਨ ਹੋਇਆ ਹੈ, ਜਿਸ ਨਾਲ ਪਰਿਵਾਰ ਬੇਹੱਦ ਪ੍ਰੇਸ਼ਾਨ ਹਨ। ਅਜਿਹੇ ’ਚ ਜ਼ਰੂਰਤ ਹੈ ਕਿ ਸਰਕਾਰ ਵੱਲੋਂ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰ ਕੇ ਬਿਨਾਂ ਕਿਸੇ ਭੇਤਭਾਵ ਦੇ ਸਹਾਇਤਾ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਰਾਜਾਂ ਦੀ ਸਹਾਇਤਾ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਾਜਪਾ ਇਹ ਯਕੀਨੀ ਬਣਾਏਗੀ ਕਿ ਪੰਜਾਬ ਦੇ ਲੋਕਾਂ ਨੂੰ ਵੀ ਇਸਦਾ ਪੂਰਾ ਲਾਭ ਮਿਲੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਪੀੜਤਾਂ ਲਈ ਰਾਹਤ ਸਮੱਗਰੀ, ਰਾਸ਼ਨ ਤੇ ਹੋਰ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Read More : ਰਾਜਸਥਾਨ ਦੀ ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5.51 ਲੱਖ ਰੁਪਏ