ਅਜਨਾਲਾ, 23 ਦਸੰਬਰ – ਜ਼ਿਲਾ ਪ੍ਰਸ਼ਾਸਨ ਵੱਲੋਂ ਇਕ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲੇ ਦੇ 100 ਕਿਸਾਨਾਂ ਨੂੰ ਕਿਸਾਨ ਹੀਰੋ ਸਨਮਾਨ ਪੱਤਰ ਅਤੇ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਨੂੰ ਯੂਨੀਵਰਸਿਟੀ ਦੇ ਹਾਲ ਵਿਖੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਅੱਗੇ ਤੋਂ ਹੋਰ ਕਿਸਾਨ ਵੀ ਇਸ ਤੋਂ ਪ੍ਰੇਰਨਾ ਲੈ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਛੋਟੇ/ਸੀਮਾਂਤ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਜਿੰਨਾਂ ਸਥਾਨਾਂ ’ਤੇ ਜ਼ਿਆਦਾ ਅੱਗ ਲੱਗੀ ਸੀ ਉਨ੍ਹਾਂ ਥਾਂਵਾਂ ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਅੱਗ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਐਕਸ਼ੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ, ਡਿਪਟੀ ਚੀਫ ਖੇਤੀਬਾੜੀ ਅਫਸਰ ਡਾ. ਰਮਨ ਕੁਮਾਰ, ਖੇਤੀਬਾੜੀ ਅਫਸਰ ਸੁਖਚੈਨ ਸਿੰਘ,ਅਮਰਜੀਤ ਸਿੰਘ, ਦਿਲਬਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਭਰਾ ਹਾਜ਼ਰ ਸਨ।
