ਅੰਮ੍ਰਿਤਸਰ, 18 ਸਤੰਬਰ : ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਾਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਬੀਤੀ ਰਾਤ ਛੱਤੀਸਗੜ੍ਹ ’ਚ ਪਹੁੰਚਣ ’ਤੇ ਸਥਾਨਕ ਸਰਕਾਰ ਵੱਲੋਂ ਉੱਪ ਮੁੱਖ ਮੰਤਰੀ ਵਿਜੇ ਸ਼ਰਮਾ ਵੱਲੋਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਵਿਜੇ ਸ਼ਰਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਨੂੰ ਛੱਤੀਸਗੜ੍ਹ ਸਰਕਾਰ ਨੇ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਹੈ ਤਾਂ ਜੋ ਬੱਚੇ ਇਸ ਮਹਾਨ ਵਿਰਾਸਤ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਪੂਰੇ ਛੱਤੀਸਗੜ੍ਹ ਅੰਦਰ ਨਗਰ ਕੀਰਤਨ ਦੇ ਰਸਤੇ ’ਤੇ ਸਰਕਾਰ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸੇ ਕਿਸਮ ਦੀ ਮੁਸ਼ਕਿਲ ਨਾ ਬਣੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਉਪ ਮੁੱਖ ਮੰਤਰੀ ਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਅਤੇ ਨਗਰ ਕੀਰਤਨ ਨਾਲ ਸ਼ਾਮਲ ਇਤਿਹਾਸਕ ਸ਼ਸਤਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੂਬੇ ਅੰਦਰ ਸਰਕਾਰ ਮਿਲੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ। ਇਸੇ ਦੌਰਾਨ ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਿਲਾਸਪੁਰ ਵਿਖੇ ਵਿਸ਼ਰਾਮ ਕਰਨ ਮਗਰੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੋਰਬਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ-ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
Read More : ਕੁਹਾੜੀ ਨਾਲ ਵੱਢਿਆ ਨੌਜਵਾਨ
