Chief Minister Bhagwant Singh

ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ : ਮੁੱਖ ਮੰਤਰੀ

ਕਿਹਾ-ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਕਰਨਗੇ ਨਿਗਰਾਨੀ

ਚੰਡੀਗੜ੍ਹ, 23 ਸਤੰਬਰ : ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।

ਚੰਡੀਗੜ੍ਹ ਵਿਚ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ।

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪੱਧਰ ਉੱਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਅਤੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।

Read More : ਸੁਖਬੀਰ ਬਾਦਲ ਵਲੋਂ ਅਜਨਾਲਾ ’ਚ ਵੰਡਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

Leave a Reply

Your email address will not be published. Required fields are marked *