Kuldeep Singh Gargaj

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿ ਜਾਣ ਦੀ ਪ੍ਰਵਾਨਗੀ ਦੇਣਾ ਸਵਾਗਤਯੋਗ : ਗੜਗੱਜ

ਅੰਮ੍ਰਿਤਸਰ, 2 ਅਕਤੂਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦੇਣ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਏ ਸਮਝੌਤੇ ਮੁਤਾਬਕ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਅਤੇ ਭਾਰਤ ਸਰਕਾਰ ਵੱਲੋਂ ਪਹਿਲਾਂ ਜਥਾ ਨਾ ਭੇਜਣ ਦੇ ਫੈਸਲੇ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਸਮਾਂ ਰਹਿੰਦਿਆਂ ਸਿੱਖ ਸੰਸਥਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਜਥਾ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇ ਲਗਾਤਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੋਵਾਂ ਦੇਸ਼ਾਂ ਵਿਚਕਾਰ ਭਾਈਚਾਰਕ ਸਾਂਝ ਵਧੇ ਤੇ ਮਾਹੌਲ ਚੰਗਾ ਹੋਵੇ।

ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿਚ ਅਮਨ ਤੇ ਸ਼ਾਂਤੀ ਲਈ ਇਹ ਜ਼ਰੂਰੀ ਹੈ ਅਤੇ ਭਾਰਤ ਤੇ ਪਾਕਿਸਤਾਨ ਇਕ ਦੂਜੇ ਨਾਲ ਵਪਾਰ ਦੇ ਰਸਤੇ ਵੀ ਖੋਲ੍ਹਣ। ਜਥੇਦਾਰ ਨੇ ਭਾਰਤ ਸਰਕਾਰ ਨੂੰ ਪਿਛਲੇ ਤਣਾਅ ਵਾਲੇ ਸਮੇਂ ਤੋਂ ਬੰਦ ਪਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵੀ ਖੋਲ੍ਹਣ ਲਈ ਆਖਿਆ ਤਾਂ ਜੋ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ।

Read More : ਕਾਂਗਰਸ ਦੇ ਹੋਏ ਅਨਿਲ ਜੋਸ਼ੀ

Leave a Reply

Your email address will not be published. Required fields are marked *