ਬਟਾਲਾ, 6 ਅਕਤੂਬਰ : ਪਾਕਿਸਤਾਨ ’ਚ ਬੈਠੇ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਦੀ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੇਰਿਸਟ ਫਰੰਟ ਦੇ ਰਾਸ਼ਟਰੀ ਮੀਤ ਪ੍ਰਧਾਨ ਗਗਨ ਪਲਾਜਾ ਨੂੰ ਬੀਤੀ ਰਾਤ ਵਟਸਐਪ ਕਾਲ ਕਰ ਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।
ਇਸ ਸਬੰਧੀ ਗਗਨ ਪਲਾਜਾ ਨੇ ਕਿਹਾ ਕਿ ਬੀਤੇ ਦਿਨੀਂ ਵਿਦੇਸ਼ ’ਚ ਬੈਠੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਵਿਸ਼ਵ ਪ੍ਰਸਿੱਧ ਸ਼੍ਰੀ ਅਚਲੇਸ਼ਵਰ ਧਾਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ, ਜਿਸਦਾ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਸਮਰਥਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਦੇ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਅਤੇ ਉਨ੍ਹਾਂ ਵੱਲੋਂ ਬਟਾਲਾ ’ਚ ਆ ਕੇ ਪ੍ਰੈੱਸ ਕਾਨਫਰੰਸ ਕਰ ਕੇ ਗੁਰਪਤਵੰਤ ਸਿੰਘ ਪੰਨੂ ਅਤੇ ਸ਼ਹਿਜ਼ਾਦ ਭੱਟੀ ਦੇ ਗਲਤ ਮਨਸੂਬਿਆਂ ਨੂੰ ਸਫਲ ਨਾ ਹੋਣ ਦੇਣ ਸਬੰਧੀ ਬਿਆਨ ਦਿੱਤਾ ਗਿਆ ਸੀ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਦਰ ਦੀ ਸੁਰੱਖਿਆ ਸਬੰਧੀ ਮੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਬੀਤੀ ਰਾਤ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਉਨ੍ਹਾਂ ਨੂੰ ਵਟਸਐਪ ’ਤੇ ਕਾਲ ਕਰ ਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ।
ਉਨ੍ਹਾਂ ਕਿਹਾ ਕਿ ਜਿਸ ਨੰਬਰ ਤੋਂ ਕਾਲ ਕਰ ਕੇ ਗੈਂਗਸਟਰ ਭੱਟੀ ਵੱਲੋਂ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਉਸਦੀ ਪੁਲਸ ਪ੍ਰਸ਼ਾਸਨ ਨੂੰ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਅਤੇ ਪਰਿਵਾਰ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
Read More : ਵਿਦੇਸ਼ ਮੰਤਰੀ ਅਮਰੀਕੀ ਸਰਕਾਰ ਸਾਹਮਣੇ ਚੁੱਕਣ ਦਾੜ੍ਹੀ ’ਤੇ ਪਾਬੰਦੀ ਦਾ ਮੁੱਦਾ : ਬਾਦਲ