ਸਮੁੱਚਾ ਸ਼ਹਿਰ ਖ਼ਾਲਸਾਈ ਰੰਗਤ ਵਿਚ ਰੰਗਿਆ
ਅੰਮ੍ਰਿਤਸਰ, 8 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਸਾਹਿਬ ਵਿਖੇ ਦੋ ਦਿਨਾਂ ਪੜਾਅ ਮਗਰੋਂ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਅੱਜ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਔਰੰਗਾਬਾਦ ਲਈ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਅਲੌਕਿਕ ਦ੍ਰਿਸ਼ ਸਿਰਜ ਰਹੀ ਸੀ ਅਤੇ ਸਮੁੱਚਾ ਸ਼ਹਿਰ ਖ਼ਾਲਸਾਈ ਰੰਗਤ ਵਿਚ ਰੰਗਿਆ ਹੋਇਆ ਸੀ।
ਇਸੇ ਦੌਰਾਨ ਬੀਤੀ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ’ਚ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਤਖ਼ਤ ਸਾਹਿਬ ਦੀ ਪ੍ਰੰਪਰਾ ਅਤੇ ਪੁਰਾਤਨ ਰਵਾਇਤ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਲਵਿੰਦਰਪਾਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਰਣਜੀਤ ਸਿੰਘ ਕਾਹਲੋਂ ਸਮੇਤ ਸੰਗਤਾਂ ਹਾਜ਼ਰ ਸਨ।
Read More : ਹਰਿਆਣਾ ਕਮੇਟੀ ਦੇ 17 ਮੈਂਬਰਾਂ ਨੇ ਪ੍ਰਧਾਨ ਝੀਂਡਾ ਤੋਂ ਸਮਰਥਨ ਲਿਆ ਵਾਪਸ