ਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿਚ ਬਦਲਿਆ ਜਾਵੇ ਜਿਸ ਦਾ ਭਰੋਸਾ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ’ਤੇ 2019 ਵਿਚ ਕੇਂਦਰ ਸਰਕਾਰ ਨੇ ਸਿੱਖ ਕੌਮ ਨੂੰ ਦੁਆਇਆ ਸੀ।
ਉਨ੍ਹਾਂ ਕਿਹਾ ਕਿ ਇਕ ਵਾਰ ਅਜਿਹਾ ਹੋ ਗਿਆ ਤਾਂ ਫਿਰ 29 ਸਾਲਾਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਸਾਰੀ ਸਿੱਖ ਇਸ ਮਾਮਲੇ ’ਤੇ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਭਾਵਨਾ ਤੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾ ਚੁੱਕੇ ਹਨ।
ਇਸ ਉਪਰੰਤ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਜ਼ਿਮਨੀ ਚੋਣ ਦੇ ਸਬੰਧ ’ਚ ਅੱਜ ਜ਼ਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਦੇ ਗ੍ਰਹਿ ਵਿਖੇ ਮਾਝੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਡਿਊਟੀਆਂ ਵੀ ਲਗਾਈਆਂ।
ਇਸ ਸਮੇਂ ਜਥੇ. ਗੁਲਜ਼ਾਰ ਸਿੰਘ ਰਣੀਕੇ, ਸੁੱਚਾ ਸਿੰਘ ਲੰਗਾਹ ਦੋਵੇਂ ਸਾਬਕਾ ਮੰਤਰੀ, ਜਿਲਾ ਅਕਾਲੀ ਜੱਥਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਾਬਕਾ ਪ੍ਰਧਾਨ ਵੀਰ ਸਿੰਘ ਲੋਪੋਕੇ, ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ, ਇਸਤਰੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬੀਬੀ ਜਗਰੂਪ ਕੌਰ ਸੰਧੂ, ਗੁਰਪ੍ਰੀਤ ਸਿੰਘ ਵਡਾਲੀ, ਗੁਰਬਚਨ ਸਿੰਘ ਬੱਬੇਹਾਲੀ, ਰਾਣਾ ਰਣਬੀਰ ਸਿੰਘ ਲੋਪੋਕੇ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
Read More : ਪਿਉ-ਪੁੱਤ ਨੂੰ ਉਮਰ ਕੈਦ, 2 ਬਰੀ