Unauthorized Colonies

ਅਣ-ਅਧਿਕਾਰਿਤ ਕਾਲੋਨੀਆਂ ’ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ ਵਿਕਾਸ ਅਥਾਰਟੀ ਪੁੱਡਾ ਨੇ ਕੀਤੀ ਕਾਰਵਾਈ

ਅੰਮ੍ਰਿਤਸਰ, 10 ਅਕਤੂਬਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏ. ਡੀ. ਏ. ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੰਬੋਅ ਦੇ ਪੁਲਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅਜਨਾਲਾ ਰੋਡ ’ਤੇ ਪੈਂਦੇ ਪਿੰਡ ਕੰਬੋਅ ਅਤੇ ਰਾਮ ਤੀਰਥ ਰੋਡ ’ਤੇ ਪੈਂਦੇ ਪਿੰਡ ਗੌਂਸਾਬਾਦ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਾਲੋਨੀਆਂ ਨੂੰ ਢਾਹ ਦਿੱਤਾ ਗਿਆ।

ਰੈਗੁਲੇਟਰੀ ਵਿੰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਪਿੰਡਾਂ ਵਿਚ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਉਕਤ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਾਲੋਨੀ ਕੱਟਣ ਵਾਲੇ ਵਿਅਕਤੀ ਖਿਲਾਫ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।

ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 26 ਅਣ-ਅਧਿਕਾਰਿਤ ਕਾਲੋਨੀ ਕੱਟਣ ਵਾਲੇ ਕਾਲੋਨਾਈਜ਼ਰਾਂ ਅਤੇ ਅਣ-ਅਧਿਕਾਰਤ ਉਸਾਰੀ ਕਰਨ ਵਾਲੇ ਉਸਾਰੀ ਕਰਤਾਵਾਂ ਖਿਲਾਫ ਐੱਫ. ਆਈ. ਆਰ. ਦਰਜ ਕਰਨ ਲਈ ਪੁਲਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ’ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਏ. ਡੀ. ਏ. ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਾਨੂੰਨੀ ਕਾਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮਨਜੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮਨਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ’ਤੇ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Read More : ਪੰਜਾਬ ਕੈਬਨਿਟ ਦੀ ਮੀਟਿੰਗ ਸੋਮਵਾਰ ਨੂੰ

Leave a Reply

Your email address will not be published. Required fields are marked *