DGP orders

ਦੀਵਾਲੀ ਦੇ ਮੱਦੇਨਜ਼ਰ ਡੀ. ਜੀ. ਪੀ. ਵੱਲੋਂ ਸੂਬੇ ‘ਚ ਪੁਲਸ ਦੀ ਤਾਇਨਾਤੀ ਵਧਾਉਣ ਦੇ ਹੁਕਮ

ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਸ਼ਹਿ ਦੇ ਕੇ ਪੰਜਾਬ ’ਚ ਅਸਥਿਰਤਾ ਫੈਲਾਉਣ ਦੀ ਕਰ ਰਿਹਾ ਕੋਸ਼ਿਸ਼ : ਗੌਰਵ ਯਾਦਵ

ਬਟਾਲਾ, 14 ਅਕਤੂਬਰ : ਆਉਣ ਵਾਲੇ ਦਿਨਾਂ ’ਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜ਼ਿਲਾ ਪੁਲਸ ਮੁਖੀਆਂ ਨੂੰ ਸੂਬੇ ਭਰ ’ਚ ਪੁਲਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਡੀ. ਜੀ. ਪੀ. ਗੌਰਵ ਯਾਦਵ ਜੋ ਏ. ਡੀ. ਜੀ. ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ. ਡੀ. ਜੀ. ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੇ ਨਾਲ 2 ਪੁਲਸ ਜ਼ਿਲਿਆਂ ਤਰਨਤਾਰਨ ਅਤੇ ਬਟਾਲਾ ’ਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਪੁਲਸ ਫੋਰਸ ਦੀ ਤਾਇਨਾਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ।

ਮੌਜੂਦਾ ਸੁਰੱਖਿਆ ਚੁਣੌਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ’ਚ ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਬੜ੍ਹਾਵਾ ਦੇ ਕੇ ਪੰਜਾਬ ’ਚ ਅਸਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਪੰਜਾਬ ਪੁਲਸ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਸਰਗਰਮੀ ਨਾਲ ਨਾਕਾਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਦੀ ਢੋਆ-ਢੁਆਈ ਲਈ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਕਰ ਰਿਹਾ ਹੈ। ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਇਸ ਹਵਾਈ ਖਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੁਆਰਾ ਤਾਇਨਾਤ ਐਂਟੀ-ਡਰੋਨ ਪ੍ਰਣਾਲੀਆਂ ਦੀ ਪ੍ਰਭਾਵਸਾਲੀ ਢੰਗ ਨਾਲ ਵਰਤੋਂ ਕੀਤੀ ਜਾ ਰਹੀ ਹੈ।

ਅੱਤਵਾਦ ਵਿਰੁੱਧ ਕੀਤੀ ਜਾ ਰਹੀ ਪ੍ਰਭਾਵੀ ਕਾਰਵਾਈ ਸਬੰਧੀ ਵੇਰਵੇ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਤੰਬਰ 2024 ਤੋਂ ਹੁਣ ਤੱਕ ਪੰਜਾਬ ਪੁਲਸ ਨੇ 90 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਅੱਤਵਾਦੀਆਂ ਦੇ ਕਬਜ਼ੇ ’ਚੋਂ ਵੱਡੀ ਮਾਤਰਾ ’ਚ ਹਥਿਆਰ, ਵਿਸਫੋਟਕ, ਗੋਲੀ-ਸਿੱਕਾ, ਹੱਥਗੋਲੇ ਅਤੇ ਆਰ. ਡੀ. ਐਕਸ. ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਲੱਗਿਆ ਹੈ।

ਸੰਗਠਿਤ ਅਪਰਾਧ ਦੇ ਸਬੰਧ ’ਚ ਡੀ. ਜੀ. ਪੀ. ਨੇ ਉਨ੍ਹਾਂ ਮਾਮਲਿਆਂ ਦੀ ਸਮੀਖਿਆ ਕੀਤੀ ਜਿਨ੍ਹਾਂ ’ਚ ਗ੍ਰਿਫਤਾਰੀਆਂ ਹਾਲੇ ਲੰਬਿਤ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫਰਾਰ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੇ ਨਿਰਦੇਸ ਦਿੱਤੇ। ਉਨ੍ਹਾਂ ਸੰਗਠਿਤ ਅਪਰਾਧ ਦੇ ਮਾਹੌਲ ਨੂੰ ਮੁਕੰਮਲ ਰੂਪ ’ਚ ਖਤਮ ਕਰਨ ਲਈ ਪੇਸ਼ੇਵਰ ਅਤੇ ਵਿਗਿਆਨਕ ਜਾਂਚ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਡੀ. ਜੀ. ਪੀ. ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਅੱਤਵਾਦੀ ਨੈੱਟਵਰਕਾਂ ਜਾਂ ਸੰਗਠਿਤ ਅਪਰਾਧ ਨਾਲ ਜੁੜੇ 203 ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਲਿਆ ਕੇ ਉਨ੍ਹਾਂ ਅਪਰਾਧੀਆਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਵਿਰੁੱਧ ਰੈੱਡ ਕਾਰਨਰ ਨੋਟਿਸ/ਬਲੂ ਕਾਰਨਰ ਨੋਟਿਸ ਜਾਰੀ ਕਰਨ ਲਈ ਪ੍ਰਕਿਰਿਆ ਆਰੰਭ ਦਿੱਤੀ ਹੈ।

ਮੀਟਿੰਗ ਵਿਚ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਨੀਲਾਂਬਰੀ ਜਗਦਲੇ, ਡੀ. ਆਈ. ਜੀ. ਬਾਰਡਰ ਰੇਂਜ ਨਾਨਕ ਸਿੰਘ, ਡੀ. ਆਈ. ਜੀ ਏ. ਜੀ. ਟੀ. ਐੱਫ. ਗੁਰਮੀਤ ਚੌਹਾਨ, ਐੱਸ. ਐੱਸ. ਪੀ. ਤਰਨਤਾਰਨ ਰਵਜੋਤ ਕੌਰ ਗਰੇਵਾਲ ਅਤੇ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Read More : ਹੜ੍ਹਾਂ ਦੌਰਾਨ 3.50 ਲੱਖ ਏਕੜ ਫਸਲ ਦਾ ਹੋਇਆ ਭਾਰੀ ਨੁਕਸਾਨ : ਮਾਲ ਮੰਤਰੀ

Leave a Reply

Your email address will not be published. Required fields are marked *