ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਗੜਗੱਜ ਨੇ ਕੌਮ ਦੇ ਨਾਂ ਦਿੱਤਾ ਸੰਦੇਸ਼
ਕਿਹਾ-ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਅੰਮ੍ਰਿਤਸਰ, 21 ਅਕਤੂਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਬੰਦੀ ਛੋੜ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।
ਇਸੇ ਦੌਰਾਨ ਪ੍ਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਸਿੱਖਾਂ ਨਾਲ ਹੋ ਰਹੇ ਵਿਤਕਰੇ ਵਖਰੇਵੇਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਦਅਦਬੀਆਂ ਦੀਆਂ ਘਟਨਾਵਾਂ, ਸਿੱਖ ਕਕਾਰਾਂ ’ਤੇ ਹੁੰਦੇ ਸਵਾਲ ਅਤੇ ਸਿੱਖ ਸੰਸਥਾਵਾਂ ’ਤੇ ਗਹਿਰੀ ਸਾਜ਼ਿਸ਼ ਤਹਿਤ ਕਬਜ਼ੇ ਦੀਆਂ ਚਾਲਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਪੰਥਕ ਏਕਤਾ ਦੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰ ਕੇ ਸਿੱਖਾਂ ਨੂੰ ਇਕ ਅਜਿਹਾ ਤਖ਼ਤ ਬਖ਼ਸ਼ਿਆ, ਜਿਹੜਾ ਹਮੇਸ਼ਾ ਹੱਕ, ਸੱਚ, ਨਿਆਂ ਅਤੇ ਧਰਮ ਦੇ ਬੋਲ-ਬਾਲਿਆਂ ਲਈ ਸੇਧ ਦਿੰਦਾ ਹੈ।
ਗਿਆਨੀ ਗੜਗੱਜ ਨੇ ਲੰਮੇ ਸਮੇਂ ਤੋਂ ਜੇਲਾਂ ਵਿਚ ਨਜ਼ਰਬੰਦ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਗੁਰਦੀਪ ਸਿੰਘ ਖਹਿਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਹੋਰ ਸਿੱਖਾਂ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਦੀ ਗੱਲ ਕਰਦਿਆਂ ਸਰਕਾਰ ਪਾਸੋਂ ਤੁਰੰਤ ਰਿਹਾਈ ਦੀ ਮੰਗ ਕੀਤੀ।
ਗਿਆਨੀ ਗੜਗੱਜ ਨੇ ਸਰਕਾਰ ਵੱਲੋਂ 2019 ’ਚ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲੇ ’ਤੇ ਦ੍ਰਿੜ੍ਹ ਰਹਿਣਾ ਚਾਹੀਦਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਬੰਦ ਪਿਆ ਲਾਂਘਾ ਖੋਲ੍ਹਣ ਦੀ ਵੀ ਮੰਗ ਕੀਤੀ। ਜਥੇਦਾਰ ਨੇ ਆਖਿਆ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਹ ਲਾਂਘਾ ਜਲਦ ਮੁੜ ਖੋਲ੍ਹਿਆ ਜਾਵੇ ਤਾਂ ਜੋ ਦੋਵਾਂ ਮੁਲਕਾਂ ਵਿਚ ਆਪਸੀ ਪ੍ਰੇਮ ਤੇ ਸਦਭਾਵਨਾ ਦਾ ਪੈਗਾਮ ਵਧੇ।
-ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਦੀ ਕੈਦ ’ਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਨੁੱਖਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।
Read More : ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਬੇਟੇ ਦੀ ਨਵੀਂ ਵੀਡੀਓ ਆਈ ਸਾਹਮਣੇ