Harjot Bains and Deepak Bali

ਹਰਜੋਤ ਬੈਂਸ ਤੇ ਦੀਪਕ ਬਾਲੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ਼ਹੀਦੀ ਸਮਾਗਮਾਂ ਲਈ ਸੱਦਾ ਦਿੱਤਾ

ਚੰਡੀਗੜ੍ਹ, 23 ਅਕਤੂਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਇਸ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਹਰਜੋਤ ਸਿੰਘ ਬੈਂਸ ਨੂੰ ਦਸਤਾਰ ਸਜਾਈ ਤੇ ਸਿਰੋਪਾਓ ਭੇਟ ਕੀਤਾ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪਾਵਨ ਅਸਥਾਨ ‘ਤੇ ਨਤਮਸਤਕ ਹੋਣਾ ਉਨ੍ਹਾਂ ਲਈ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨਾ ਉਨ੍ਹਾਂ ਲਈ ਰੂਹਾਨੀ ਅਨੁਭਵ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੱਦਾ ਨਹੀਂ ਸਗੋਂ ਪੰਜਾਬ ਦੀ ਪਵਿੱਤਰ ਧਰਤੀ ਵੱਲੋਂ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਤਿਕਾਰ ਭਰਪੂਰ ਦਿਲੀ ਅਪੀਲ ਹੈ।

ਉਨ੍ਹਾਂ ਜਾਣੂ ਕਰਵਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ’ਚ ਦੁਨੀਆ ਭਰ ਤੋਂ ਇਕ ਕਰੋੜ ਤੋਂ ਵੱਧ ਸੰਗਤ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤ ਦੀ ਠਹਿਰ ਲਈ ਪਵਿੱਤਰ ਸ਼ਹਿਰ ਵਿਖੇ ਇਕ ਟੈਂਟ ਸਿਟੀ (ਚੱਕ ਨਾਨਕੀ) ਸਥਾਪਤ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਸ਼ੁਰੂ ਹੋਣਗੇ। ਇਸ ਤੋਂ ਬਾਅਦ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖ਼ਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਂਦਾ ਵਿਲੱਖਣ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ ਤੇ ਰਾਤ ਸਮੇਂ ਸ਼ਹਾਦਤ ਦੀ ਲੋਅ ਨਾਲ ਪਵਿੱਤਰ ਸ਼ਹਿਰ ਮਸ਼ਾਲਾਂ ਦੀ ਰੌਸ਼ਨੀ ਨਾਲ ਜਗਮਗਾਵੇਗਾ।

ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ਸੀਸ ਭੇਟ ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਇਤਿਹਾਸ ’ਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ , ਜਿਸ ਉਪਰੰਤ ਪ੍ਰਸਿੱਧ ਕੀਰਤਨੀਏ ਨੌਵੇਂ ਪਾਤਸ਼ਾਹ ਦੇ ਸ਼ਬਦਾਂ ਦਾ ਗਾਇਨ ਕਰਨਗੇ।

Read More : ਆਈ.ਪੀ.ਐੱਸ. ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਲਗਾਇਆ ਡੀ.ਆਈ.ਜੀ.

Leave a Reply

Your email address will not be published. Required fields are marked *