ਬੱਸੀ ਪਠਾਣਾ ਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ, ਝੋਨੇ ਦਾ ਇਕ-ਇਕ ਦਾਣਾ ਖਰੀਦਣ ਤੇ ਲਿਫਟਿੰਗ ਲਈ ਵਚਨਬੱਧਤਾ ਦੁਹਰਾਈ
ਮੋਰਿੰਡਾ, 23 ਅਕਤੂਬਰ : ਸੂਬੇ ਵਿਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਕੋਲੋਂ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ ਕੀਤੀ ਹੈ।
ਜ਼ਿਲਾ ਫਤਹਿਗੜ੍ਹ ਸਾਹਿਬ ਦੀ ਬੱਸੀ ਪਠਾਣਾ ਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿਚ ਰੱਖਦੇ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਨਿਰਧਾਰਤ ਮਾਪਦੰਡਾਂ ਵਿਚ ਢਿੱਲ ਦੇਣੀ ਚਾਹੀਦੀ ਹੈ, ਕਿਉਂਕਿ ਝੋਨੇ ਵਿਚ ਨਮੀ ਦੀ ਮਾਤਰਾ, ਖਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿਚ ਝੋਨੇ ਦਾ ਬਹੁਤ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ 2025-26 ਵਿਚ ਝੋਨੇ ਦੀ ਖਰੀਦ ਲਈ 1822 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ ਤੇ ਇਹ ਸਾਰੀਆਂ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੁਆਰਾ ਅਲਾਟ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੱਕ ਸੂਬੇ ਦੀਆਂ ਮੰਡੀਆਂ ਵਿਚ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿਚੋਂ 61.01 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿਚੋਂ 91.80 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਝੋਨੇ ਦੀ ਖਰੀਦ ਦੇ ਬਦਲੇ ਕਿਸਾਨਾਂ ਨੂੰ ਕੁੱਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਗੰਭੀਰ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜੇ ਤੱਕ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1600 ਕਰੋੜ ਰੁਪਏ ਨਹੀਂ ਮਿਲੇ ਹਨ।
Read More : ਕੇਂਦਰੀ ਮੰਤਰੀ ਮਨੋਹਰ ਲਾਲ ਨੇ ਆਈ.ਏ.ਐੱਸ. ਅਮਨੀਤ ਨਾਲ ਕੀਤੀ ਮੁਲਾਕਾਤ
