ਨਵੀਂ ਦਿੱਲੀ, 28 ਅਕਤੂਬਰ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਵਾਰਾ ਕੁੱਤਿਆਂ ਦੇ ਮਾਮਲੇ ਵਿਚ ਪਾਲਣਾ ਸਬੰਧੀ ਹਲਫ਼ਨਾਮਾ ਦਾਇਰ ਨਾ ਕਰਨ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਝਾੜ ਪਾਉਂਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਅਤੇ ਦੇਸ਼ ਦੇ ਅਕਸ ਨੂੰ ਵਿਦੇਸ਼ਾਂ ਵਿਚ ‘ਖਰਾਬ’ ਦਿਖਾਇਆ ਜਾ ਰਿਹਾ ਹੈ।
ਅਦਾਲਤ ਨੇ ਪੱਛਮੀ ਬੰਗਾਲ ਅਤੇ ਤੇਲੰਗਾਨਾ ਨੂੰ ਛੱਡ ਕੇ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਅਦਾਲਤ ਵਿਚ ਉਸ ਦੇ ਸਾਹਮਣੇ ਪੇਸ਼ ਹੋਣ ਅਤੇ ਇਹ ਦੱਸਣ ਦਾ ਨਿਰਦੇਸ਼ ਦਿੱਤਾ ਕਿ 22 ਅਗਸਤ ਦੇ ਹੁਕਮ ਦੇ ਬਾਵਜੂਦ ਪਾਲਣਾ ਸਬੰਧੀ ਹਲਫ਼ਨਾਮੇ ਕਿਉਂ ਦਾਇਰ ਨਹੀਂ ਕੀਤੇ ਗਏ।
ਸੁਪਰੀਮ ਕੋਰਟ ਨੇ ਕਿਹਾ ਕਿ ਪੱਛਮੀ ਬੰਗਾਲ, ਤੇਲੰਗਾਨਾ ਅਤੇ ਦਿੱਲੀ ਨਗਰ ਨਿਗਮ (ਐੱਮ. ਸੀ. ਡੀ.) ਨੂੰ ਛੱਡ ਕੇ, ਕਿਸੇ ਹੋਰ ਸੂਬੇ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਨੇ ਪਾਲਣਾ ਸਬੰਧੀ ਹਲਫ਼ਨਾਮਾ ਦਾਇਰ ਨਹੀਂ ਕੀਤਾ ਹੈ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐੱਨ. ਵੀ. ਅੰਜਾਰੀਆ ਦੀ 3 ਮੈਂਬਰੀ ਵਿਸ਼ੇਸ਼ ਬੈਂਚ ਆਵਾਰਾ ਕੁੱਤਿਆਂ ਨਾਲ ਸਬੰਧਤ ਇਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ।
ਸੁਪਰੀਮ ਕੋਰਟ ਨੇ 22 ਅਗਸਤ ਨੂੰ ਆਵਾਰਾ ਕੁੱਤਿਆਂ ਦੇ ਮਾਮਲੇ ਦਾ ਦਾਇਰਾ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਤੋਂ ਅੱਗੇ ਵਧਾਉਂਦੇ ਹੋਏ ਨਿਰਦੇਸ਼ ਦਿੱਤਾ ਸੀ ਕਿ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਮਾਮਲੇ ਵਿਚ ਧਿਰ ਬਣਾਇਆ ਜਾਵੇ। ਅਦਾਲਤ ਨੇ ਨਗਰ ਨਿਗਮਾਂ ਨੂੰ ਇਹ ਨਿਰਦੇਸ਼ ਦਿੱਤਾ ਸੀ ਕਿ ਉਹ ਆਪਣੇ ਪਾਲਣਾ ਸਬੰਧੀ ਹਲਫਨਾਮਿਆਂ ਵਿਚ ਪਸ਼ੂਆਂ ਦੇ ਡਾਕਟਰਾਂ, ਕੁੱਤੇ ਫੜਨ ਵਾਲੇ ਕਰਮਚਾਰੀ, ਵਿਸ਼ੇਸ਼ ਵਾਹਨਾਂ ਅਤੇ ਪਿੰਜਰੇ ਤਾਂ ਜੋ ਪਸ਼ੂ ਜਨਮ ਕੰਟਰੋਲ (ਏ. ਬੀ. ਸੀ.) ਨਿਯਮਾਂ ਦੀ ਪਾਲਣਾ ਦੀ ਸਥਿਤੀ ਸਪੱਸ਼ਟ ਕੀਤੀ ਜਾ ਸਕੇ।
Read More : ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ
