MLA Bharaj

ਵਿਧਾਇਕਾ ਭਰਾਜ ਨੇ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੇ ਖੇਡ ਮੈਦਾਨ

ਭਵਾਨੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ‘ਹਰ ਪਿੰਡ ਖੇਡ ਮੈਦਾਨ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਨੇੜੇ ਪਿੰਡ ਬਾਲਦ ਖੁਰਦ ’ਚ 55 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਬਾਲਦ ਕਲਾਂ ’ਚ 31 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਇਨ੍ਹਾਂ ਖੇਡ ਮੈਦਾਨਾਂ ’ਚ ਨੌਜਵਾਨਾਂ ਲਈ ਵੱਖ ਵੱਖ ਖੇਡਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਕਦਮ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ’ਚ ਸ਼ਾਨਦਾਰ ਖੇਡ ਮੈਦਾਨ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਲਈ ਉੱਚ ਪੱਧਰੀ ਢਾਂਚਾ ਪ੍ਰਾਪਤ ਹੋਵੇ। ਉਨ੍ਹਾਂ ਨੇ ਕਿਹਾ ਕਿ ਇਹ ਮੈਦਾਨ ਸਿਰਫ਼ ਖੇਡਾਂ ਤੱਕ ਹੀ ਸੀਮਤ ਨਹੀਂ ਰਹਿਣਗੇ, ਸਗੋਂ ਇਹ ਪਿੰਡਾਂ ਵਿੱਚ ਸਮਾਜਕ ਇਕਜੁੱਟਤਾ ਅਤੇ ਸਿਹਤਮੰਦ ਜੀਵਨ ਦੀ ਪ੍ਰੇਰਣਾ ਦੇਣਗੇ।

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਹਲਕਾ ਸੰਗਰੂਰ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਲੋਕ ਇਨ੍ਹਾਂ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ, ਜੇਕਰ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਹਨਾਂ ਧਿਆਨ ਵਿਚ ਲਿਆਂਦੀ ਜਾਵੇ।

ਇਸ ਮੌਕੇ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ, ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ, ਜਿਨ੍ਹਾਂ ਨੇ ਇਸ ਕਦਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Read More : ਬਟਾਲਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਤਿੰਨ ਦਿਨ ਦਾ ਰਿਮਾਂਡ

Leave a Reply

Your email address will not be published. Required fields are marked *