858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 1 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਪਿਛਲੇ 3.5 ਸਾਲਾਂ ’ਚ ਨੌਜਵਾਨਾਂ ਨੂੰ 56,856 ਸਰਕਾਰੀ ਨੌਕਰੀਆਂ ਪ੍ਰਦਾਨ ਕਰ ਕੇ ਇਕ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਨੌਜਵਾਨਾਂ ਦੇ ਵਿਦੇਸ਼ਾਂ ਪ੍ਰਤੀ ਪਲਾਇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ।
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ’ਚ ਅਹਿਮ ਭੂਮਿਕਾ ਨਿਭਾਉਣਗੀਆਂ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੀ ਕਮਾਨ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲਣ, ਜਿਸ ਕਾਰਨ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ। ਅੱਜ 858 ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿਚ ਸ਼ਾਮਲ ਹੋਏ ਹਨ ਅਤੇ ਹੁਣ ਉਹ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ’ਤੇ ਕੋਈ ਅਹਿਸਾਨ ਨਹੀਂ ਹੈ, ਬਲਕਿ ਉਹ ਆਪਣੀ ਯੋਗਤਾ ਨਾਲ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਬਣੇ ਹਨ। ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਲਈ ਆਖਦਿਆਂ ਉਨ੍ਹਾਂ ਨੂੰ ਪੂਰੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ।
ਰਾਸ਼ਟਰੀ ਰਾਜਧਾਨੀ ’ਚ ਪ੍ਰਦੂਸ਼ਣ ਲਈ ਪੰਜਾਬ ਨੂੰ ਸਾਜ਼ਿਸ਼ ਤਹਿਤ ਕੀਤਾ ਜਾ ਰਿਹੈ ਬਦਨਾਮ
ਮੁੱਖ ਮੰਤਰੀ ਨੇ ਇਸ ਗੱਲ ’ਤੇ ਅਫ਼ਸੋਸ ਜਤਾਇਆ ਕਿ ਰਾਸ਼ਟਰੀ ਰਾਜਧਾਨੀ ’ਚ ਪ੍ਰਦੂਸ਼ਣ ਲਈ ਪੰਜਾਬ ਨੂੰ ਪਰਾਲੀ ਸਾੜਨ ਦੇ ਨਾਂ ’ਤੇ ਯੋਜਨਾਬੱਧ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਅਸਲੀਅਤ ਇਸ ਤੋਂ ਕਿਤੇ ਵੱਖਰੀ ਹੈ। ਮਾਨ ਨੇ ਕਿਹਾ ਕਿ ਦਿੱਲੀ ਵਿਚ ਪ੍ਰਦੂਸ਼ਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਉਣ ਵਾਲੇ ਭੁੱਲ ਜਾਂਦੇ ਹਨ ਕਿ ਹਰਿਆਣਾ ਸੂਬਾ ਪੰਜਾਬ ਅਤੇ ਰਾਸ਼ਟਰੀ ਰਾਜਧਾਨੀ ਦੇ ਵਿਚਕਾਰ ਪੈਂਦਾ ਹੈ, ਫਿਰ ਵੀ ਉਸ ’ਤੇ ਕੋਈ ਉਂਗਲ ਨਹੀਂ ਉਠਾ ਰਿਹਾ।
ਉਨ੍ਹਾਂ ਨੇ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਪੱਸ਼ਟ ਤੌਰ ’ਤੇ ਪੁੱਛਿਆ ਕਿ ਮੌਜੂਦਾ ਸਮੇਂ ਦਿੱਲੀ ਦਾ ਏ. ਕਿਊ. ਆਈ. (ਏਅਰ ਕੁਆਲਿਟੀ ਇੰਡੈਕਸ) ਇੰਨਾ ਮਾੜਾ ਕਿਉਂ ਹੈ, ਜਦੋਂ ਕਿ ਪੰਜਾਬ ਵਿਚ ਤਾਂ ਪਰਾਲੀ ਸਾੜੀ ਹੀ ਨਹੀਂ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਸਿਹਤ ਪ੍ਰਣਾਲੀ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਬਹੁ-ਕੌਮੀ ਹਸਪਤਾਲ ਚੇਨਾਂ ਤੋਂ ਰਿਸ਼ਵਤ ਅਤੇ ਸਹੂਲਤਾਂ ਮਿਲਦੀਆਂ ਸਨ। ਇਨ੍ਹਾਂ ਆਗੂਆਂ ਨੇ ਸਿਰਫ਼ ਨਿੱਜੀ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਉਤਸ਼ਾਹਿਤ ਕੀਤਾ, ਜਿਸ ਕਾਰਨ ਸਰਕਾਰੀ ਸਹੂਲਤਾਂ ਇਨ੍ਹਾਂ ਖੇਤਰਾਂ ’ਚ ਪਛੜ ਗਈਆਂ।
ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਨੂੰ ਮੁੜ ਸੁਰਜੀਤ ਕਰਨ ’ਤੇ ਜ਼ੋਰ ਦਿੱਤਾ ਜਿਸ ਸਦਕਾ ਇਨ੍ਹਾਂ ਖੇਤਰਾਂ ਵਿਚ ਕ੍ਰਾਂਤੀਕਾਰੀ ਬਦਲਾਅ ਦੇਖੇ ਜਾ ਸਕਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।
Read More : ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਵੱਲੋਂ ਯੂ.ਪੀ. ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
