2 ਮੋਟਰਸਾਈਕਲ ਸਵਾਰ 4 ਅਣਪਛਾਤੇ ਵਿਅਕਤੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਬਟਾਲਾ, 2 ਨਵੰਬਰ : ਅੱਜ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ 2 ਮੋਟਰਸਾਈਕਲ ਸਵਾਰ 4 ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਰਾਰ ਹੋ ਗਏ।
ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਡੇਰਾ ਬਾਬਾ ਨਾਨਕ ਰੋਡ ’ਤੇ ਰੱਖ ਕੇ ਪੁਲਸ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮ੍ਰਿਤਕ ਜਸਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਾਨ ਨਗਰ ਬਟਾਲਾ ਦੀ ਪਤਨੀ ਚਰਨਜੀਤ ਕੌਰ ਅਤੇ ਭਰਾ ਲਾਡੀ ਨੇ ਦੱਸਿਆ ਕਿ ਜਸਜੀਤ ਸਿੰਘ ਆਪਣੇ ਦੋਸਤਾਂ ਨਾਲ ਗੱਡੀ ’ਚ ਸਵਾਰ ਹੋ ਤਾਰਾਗੜ੍ਹ ਕਿਸੇ ਕੰਮ ਗਿਆ ਸੀ ਅਤੇ ਸ਼ਾਮ ਕਰੀਬ 6 ਵਜੇ ਉਹ ਡੇਰਾ ਬਾਬਾ ਨਾਨਕ ਰੋਡ ਨਜ਼ਦੀਕ ਖੋਖਰ ਪੈਲੇਸ ਵਿਖੇ ਕਾਰ ਖੜ੍ਹੀ ਕਰ ਕੇ ਜਦ ਆਪਣੇ ਘਰ ਜਾ ਰਹੇ ਸਨ ਤਾਂ ਪਿੱਛੋਂ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 4 ਅਣਪਛਾਤੇ ਵਿਅਕਤੀਆਂ ਨੇ ਜਸਜੀਤ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸਦੇ ਚਲਦਿਆਂ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਪ੍ਰਸ਼ਾਸਨ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਜਸਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਡੀ. ਐੱਸ. ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜਸਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਹੈਰੀ ਚੱਠਾ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰ ਕੇ ਲਈ ਗਈ ਹੈ।
Read More : ਖੇਤਾਂ ਵਿਚ ਕੰਮ ਕਰਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
