ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੂਰੇ ਸ਼ਰਧਾ ਅਤੇ ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ।
ਇਸ ਸਬੰਧੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਚੱਲ ਰਹੇ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸ ਨੂੰ ਪ੍ਰਦਰਸ਼ਿਤ ਕਰਨ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਲਾਈਟ ਐਂਡ ਸਾਊਂਡ ਸ਼ੋਅ’ ਆਯੋਜਿਤ ਕੀਤੇ ਜਾਣਗੇ, ਉਥੇ ਹੀ ਉਨ੍ਹਾਂ ਕਿਹਾ ਕਿ ਸ਼ਹੀਦੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ 19 ਨਵੰਬਰ ਤੋਂ 22 ਨਵੰਬਰ ਤੱਕ ਚਾਰ ਨਗਰ ਕੀਰਤਨ ਵੀ ਆਯੋਜਿਤ ਕਰੇਗੀ, ਜੋ ਸ੍ਰੀਨਗਰ ਤੋਂ ਸ਼ੁਰੂ ਹੋਣਗੇ।
ਮੰਤਰੀ ਸੌਂਦ ਨੇ ਦੱਸਿਆ ਕਿ ਸ਼ੋਅ ਸ਼ਾਮ 6 ਵਜੇ ਸ਼ੁਰੂ ਹੋਣਗੇ। 4 ਨਵੰਬਰ 2025 ਨੂੰ ਪਠਾਨਕੋਟ ਦੇ ਲਾਮਿਨੀ ਸਟੇਡੀਅਮ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਿਹਗੜ੍ਹ ਸਾਹਿਬ ਦੇ ਮਾਧੋਪੁਰ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਇਹ 20 ਨਵੰਬਰ ਤੱਕ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਤੇਗ ਬਹਾਦਰ ਜੀ ਦੇ ਪੂਰੇ ਜੀਵਨ ਉਨ੍ਹਾਂ ਦੇ ਫਲਸਫੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਦੁਆਰਾ ਕੀਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਉਣਗੇ, ਤਾਂ ਜੋ ਸਾਡੀ ਮੌਜੂਦਾ ਪੀੜ੍ਹੀ ਇਸ ਸ਼ਾਨਦਾਰ ਇਤਿਹਾਸ ਤੋਂ ਜਾਣੂ ਹੋ ਸਕੇ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਸ਼ੋਅ ਵਿਚ ਸ਼ਾਮਲ ਹੋਣ ਅਤੇ ਇਨ੍ਹਾਂ ਇਤਿਹਾਸਕ ਪਲਾਂ ਨੂੰ ਦੇਖਣ।
Read More : ਤੀਜੇ ਟੀ-20 ਮੈਚ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ
