Sukhbir Badal

ਪੀ.ਯੂ. ਮਾਮਲੇ ’ਚ ਪਾਰਟੀ ਲੀਹਾਂ ਤੋਂ ਉੱਪਰ ਉਠ ਕੇ ਹਮਾਇਤ ਕਰਨ ਸਿਆਸੀ ਧਿਰਾਂ : ਸੁਖਬੀਰ ਬਾਦਲ

ਕਿਹਾ-ਅਕਾਲੀ ਦਲ ਦੀ ਅਗਵਾਈ ਹੇਠ ਵਫਦ ਜਲਦੀ ਹੀ ਉਪ-ਰਾਸ਼ਟਰਪਤੀ ਨੂੰ ਮਿਲੇਗਾ

ਚੰਡੀਗੜ੍ਹ, 15 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਯੂਨੀਵਰਸਿਟੀ ਮਾਮਲੇ ’ਚ ਪਾਰਟੀ ਲੀਹਾਂ ਤੋਂ ਉੱਪਰ ਉਠ ਕੇ ਹਮਾਇਤ ਕਰਨ।

ਇੱਥੇ ਪੰਜਾਬ ਯੂਨੀਵਰਸਿਟੀ ’ਚ ਰੋਸ-ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਨੇ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਇਕ ਮਜ਼ਬੂਤ ਸੁਨੇਹਾ ਦਿੱਤਾ ਜਾਵੇ ਕਿ ਪੰਜਾਬੀ ਕਦੇ ਵੀ ਇਸ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਯਤਨ ਦਾ ਸਿਹਰਾ ਨਹੀਂ ਲੈਣਾ ਚਾਹੁੰਦੇ ਪਰ ਪੰਜਾਬੀਆਂ ਨੂੰ ਸੂਬੇ ਤੋਂ ਪੰਜਾਬ ਯੂਨੀਵਰਸਿਟੀ ਖੋਹਣ ਦੇ ਕਿਸੇ ਵੀ ਕਦਮ ਦੀ ਵਿਰੋਧਤਾ ਵਾਸਤੇ ਇਕਜੁੱਟ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦਾ ਪ੍ਰਤੀਕ ਚਿੰਨ੍ਹ ਹੈ ਤੇ ਇਹ ਉਨ੍ਹਾਂ ਲਈ ਇਕ ਭਾਵੁਕ ਮਾਮਲਾ ਹੈ। ਉਨ੍ਹਾਂ ਕਿਹਾ ਕਿ ਉਹ ਚਾਰ ਸਾਲ ਤੱਕ ਯੂਨੀਵਰਸਿਟੀ ’ਚ ਪੜ੍ਹੇ ਹਨ ਤੇ ਇਸ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਕਿਸੇ ਵੀ ਯਤਨ ਦੇ ਵਿਰੋਧ ਲਈ ਸਾਨੂੰ ਇਕ ਮੰਚ ’ਤੇ ਇਕਜੁੱਟ ਹੋਣਾ ਚਾਹੀਦਾ ਹੈ। ਇਹ ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ’ਤੇ ਕਬਜ਼ਾ ਕਰਨ ਦਾ ਪਹਿਲਾ ਯਤਨ ਹੈ ਤੇ ਇਸ ਮਗਰੋਂ ਚੰਡੀਗੜ੍ਹ ਦਾ ਸਰੂਪ ਬਦਲਣ ਲਈ ਹੋਰ ਕਦਮ ਤਿਆਰ ਹਨ।

ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਚੰਡੀਗੜ੍ਹ ’ਚ ਭਰਤੀ ਦੀ ਵੱਖਰੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਜਦੋਂ 1966 ’ਚ ਸੂਬੇ ਦਾ ਪੁਨਰਗਠਨ ਕੀਤਾ ਗਿਆ ਸੀ ਤਾਂ ਇਹ ਫੈਸਲਾ ਹੋਇਆ ਸੀ ਕਿ ਪੰਜਾਬ ਤੇ ਹਰਿਆਣਾ ਤੋਂ 60:40 ਦੇ ਅਨੁਪਾਤ ’ਚ ਅਫਸਰ ਤਾਇਨਾਤ ਕੀਤੇ ਜਾਣਗੇ ਪਰ ਹੁਣ ਹੋਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜ਼ ’ਤੇ ਚੰਡੀਗੜ੍ਹ ਲਈ ਵੱਖਰਾ ਕਾਡਰ ਤਿਆਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲਾ ਵਫਦ ਜਲਦੀ ਹੀ ਉਪ-ਰਾਸ਼ਟਰਪਤੀ ਨੂੰ ਮਿਲੇਗਾ ਤੇ ਮਾਮਲੇ ’ਚ ਉਨ੍ਹਾਂ ਦੇ ਦਖਲ ਦੀ ਮੰਗ ਕਰੇਗਾ।

ਮੀਡੀਆ ਦੇ ਸਵਾਲਾਂ ਦੇ ਜਵਾਬ ’ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਇਕ ਸਿਆਸੀ ਵਿਅਕਤੀ ਵਜੋਂ ਇੱਥੇ ਨਹੀਂ ਆਏ ਬਲਕਿ ਉਨ੍ਹਾਂ ਦੀ ਇਸ ਯੂਨੀਵਰਸਿਟੀ ਨਾਲ ਭਾਵੁਕ ਸਾਂਝ ਹੈ। ਉਹ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਦੀ ਰਾਖੀ ਵਾਸਤੇ ਜੋ ਵੀ ਕਰਨਾ ਪਵੇ ਕਰਨ ਵਾਸਤੇ ਤਿਆਰ ਹਨ।

Read More : ਸਕਾਰਪੀਓ ‘ਚੋਂ 10 ਕਰੋੜ ਰੁਪਏ ਦੀ ਜਾਅਲੀ ਕਰੰਸੀ ਬਰਾਮਦ

Leave a Reply

Your email address will not be published. Required fields are marked *