Harcharan-Singh-Bhullar

ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਪਰਿਵਾਰ ਦੇ ਬੈਂਕ ਖਾਤੇ ਫ੍ਰੀਜ਼

ਘਰ ਖ਼ਰਚ ਚਲਾਉਣਾ ਹੋਇਆ ਮੁਸ਼ਕਲ

ਚੰਡੀਗੜ੍ਹ, 18 ਨਵੰਬਰ : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸੀਬਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭੁੱਲਰ ਤੇ ਉਨ੍ਹਾਂ ਦੇ ਪਰਿਵਾਰ ਲਈ ਖ਼ਰਚ ਚਲਾਉਣਾ ਮੁਸ਼ਕਲ ਹੋ ਗਿਆ ਹੈ।

ਸੀ.ਬੀ.ਆਈ. ਨੇ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਸੀਬੀਆਈ ਨੇ ਭੁੱਲਰ ਦਾ ਸੈਲਰੀ ਅਕਾਊਂਟ ਤਾਂ ਫ੍ਰੀਜ਼ ਕੀਤਾ ਹੀ ਹੈ, ਨਾਲ ਹੀ ਉਨ੍ਹਾਂ ਦੇ ਬੇਟੇ ਦਾ ਸੈਲਰੀ ਅਕਾਊਂਟ ਤੇ ਪਿਤਾ ਦਾ ਪੈਨਸ਼ਨ ਖਾਤਾ ਵੀ ਫ੍ਰੀਜ਼ ਕਰ ਦਿੱਤਾ ਹੈ। ਉਨ੍ਹਾਂ ਦਾ ਬੇਟਾ ਪੰਜਾਬ ’ਚ ਅਸਿਸਟੈਂਟ ਐਡਵੋਕੇਟ ਜਨਰਲ ਹੈ।

ਉਨ੍ਹਾਂ ਦੇ ਪਰਿਵਾਰ ਨੂੰ ਖੇਤੀਬਾੜੀ ਤੇ ਕਿਰਾਏ ਤੋਂ ਜਿਹੜੀ ਆਮਦਨ ਹੋ ਰਹੀ ਸੀ, ਉਹ ਵੀ ਹੁਣ ਖਾਤੇ ਤੋਂ ਨਿਕਲ ਨਹੀਂ ਪਾ ਰਹੀ। ਇਹ ਰਕਮ ਉਨ੍ਹਾਂ ਦੀ ਮਾਂ ਦੇ ਖਾਤੇ ’ਚ ਆ ਰਹੀ ਸੀ ਤੇ ਸੀ.ਬੀ.ਆਈ. ਨੇ ਉਹ ਖਾਤਾ ਵੀ ਫ੍ਰੀਜ਼ ਕਰ ਦਿੱਤਾ ਹੈ, ਜਿਸ ਘਰ ਤੋਂ ਇਕ ਮਹੀਨਾ ਪਹਿਲਾਂ ਨੋਟਾਂ ਦੇ ਢੇਰ ਮਿਲੇ ਸਨ, ਹੁਣ ਉੱਥੇ ਰੋਜ਼ਾਨਾ ਦੀ ਜ਼ਰੂਰਤ ਦਾ ਖ਼ਰਚ ਕੱਢ ਸਕਣਾ ਮੁਸ਼ਕਲ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸੀਬੀਆਈ ਨੇ ਭੁੱਲਰ ਨੂੰ ਰਿਸ਼ਵਤ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ’ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਦਾ ਕੇਸ ਵੀ ਦਰਜ ਕਰ ਲਿਆ। ਸੀਬੀਆਈ ਨੇ ਭੁੱਲਰ ਨੂੰ ਉਨ੍ਹਾਂ ਦੇ ਸਹਿਯੋਗੀ ਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਸੀ ਕਿ ਦੋਵਾਂ ਨੇ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਾ ਤੋਂ ਅੱਠ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਭੁੱਲਰ ਨੇ ਬੈਂਕ ਖਾਤੇ ਡੀ-ਫ੍ਰੀਜ਼ ਕਰਨ ਦੀ ਕੀਤੀ ਮੰਗ

ਹਰਚਰਨ ਸਿੰਘ ਭੁੱਲਰ ਦੇ ਵਕੀਲ ਐੱਸ.ਪੀ.ਐੱਸ. ਭੁੱਲਰ ਨੇ ਸੋਮਵਾਰ ਨੂੰ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਉਨ੍ਹਾਂ ਦੇ ਬੈਂਕ ਖਾਤੇ ਡੀ-ਫ੍ਰੀਜ਼ ਕਰਨ ਦੀ ਮੰਗ ਕੀਤੀ। ਇਸ ’ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੀ.ਬੀ.ਆਈ. ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ’ਤੇ 20 ਨਵੰਬਰ ਨੂੰ ਸੁਣਵਾਈ ਹੋਵੇਗੀ।

ਐਡਵੋਕੇਟ ਭੁੱਲਰ ਨੇ ਅਰਜ਼ੀ ’ਚ ਕਿਹਾ ਕਿ ਸੀ.ਬੀ.ਆਈ. ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਦੀ ਜਾਂਚ ਜਾਰੀ ਰੱਖੇ, ਪਰ ਉਨ੍ਹਾਂ ਦੇ ਬੈਂਕ ਖਾਤੇ ਤਾਂ ਡੀ-ਫ੍ਰੀਜ਼ ਕਰ ਦਿੱਤੇ ਜਾਣ। ਉਨ੍ਹਾਂ ਦੇ ਪਰਿਵਾਰ ਨੂੰ ਜਿਹੜੀ ਆਮਦਨ ਹੋ ਰਹੀ ਹੈ, ਉਹ ਤਾਂ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ। ਉਨ੍ਹਾਂ ਦੇ ਘਰ ਦਾ ਖ਼ਰਚ ਮੁਸ਼ਕਲ ਹੋ ਰਿਹਾ ਹੈ।

ਉਨ੍ਹਾਂ ਦਾ ਖੇਤੀ ਦਾ ਵੀ ਕੰਮ ਹੈ ਤੇ ਉਸ ਲਈ ਵੀ ਰੁਪਇਆਂ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਉਨ੍ਹਾਂ ਨੇ ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਮੰਗ ਰੱਖੀ।

Read More : ਲੋੜਵੰਦ ਔਰਤਾਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ ਨੈਪਕਿਨ : ਬਲਜੀਤ ਕੌਰ

Leave a Reply

Your email address will not be published. Required fields are marked *