ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਪਾਕਿ-ਆਧਾਰਿਤ ਹੈਂਡਲਰ ਦੇ ਸੰਪਰਕ ’ਚ ਸਨ : ਡੀ. ਜੀ. ਪੀ.
ਅੰਮ੍ਰਿਤਸਰ, 26 ਨਵੰਬਰ : ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.) ਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੰਦਿਆ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਪੁਲਸ ਟੀਮਾਂ ਨੇ ਈ. ਈ. ਡੀ. ਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ ਇਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਪਾਕਿਸਤਾਨ ਆਧਾਰਤ ਹੈਂਡਲਰ ਦੇ ਸੰਪਰਕ ’ਚ ਸਨ ਜਿਸ ਨਾਲ ਇਸ ਸਾਜ਼ਿਸ਼ ਪਿੱਛੇ ਸਰਹੱਦ ਪਾਰੋਂ ਮਜ਼ਬੂਤ ਸਬੰਧਾਂ ਦਾ ਪਤਾ ਲੱਗਾ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ. ਆਈ. ਜੀ.) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਕਿ ਦੋਵਾਂ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਹੈਂਡਲਰਾਂ ਦੀ ਪਛਾਣ ਕਰਨ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਸ (ਐੱਸ. ਐੱਸ. ਪੀ.) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਦੋਵਾਂ ਸ਼ੱਕੀਆਂ ਨੂੰ ਹਿਰਾਸਤ ’ਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਆਈ. ਈ. ਡੀ. ਬਰਾਮਦ ਕੀਤੀ।
ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਜਿਨ੍ਹਾਂ ਨੇ ਆਈ.ਈ.ਡੀ. ਨੂੰ ਬੇਅਸਰ ਕਰ ਦਿੱਤਾ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
Read More : ਸੱਦਾ ਪੱਤਰ ਦੇਣ ਦੇ ਬਾਵਜੂਦ ਪ੍ਰਧਾਨ ਮੰਤਰੀ ਆਨੰਦਪੁਰ ਸਾਹਿਬ ਨਹੀਂ ਆਏ : ਅਮਨ ਅਰੋੜਾ
