ਵਲਟੋਹਾ, ਗਿ. ਗੁਰਬਚਨ ਸਿੰਘ, ਡਾ. ਕਰਮਜੀਤ ਅਤੇ ਹੋਰਨਾਂ ਨੂੰ ਸੁਣਾਈ ਧਾਰਮਿਕ ਸਜ਼ਾ, ਧਾਰਮਿਕ ਮਾਮਲਿਆਂ ’ਚ ਲੱਗੀਆਂ ਤਨਖਾਹਾਂ
ਅੰਮ੍ਰਿਤਸਰ, 8 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿਚ ਵੱਖ-ਵੱਖ ਮਾਮਲਿਆਂ ’ਤੇ ਵਿਚਾਰ ਕਰਦਿਆਂ ਸੰਬੰਧਤ ਸ਼ਖ਼ਸੀਅਤਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਬਾਰੇ ਫ਼ੈਸਲੇ ਸੁਣਾਏ ਗਏ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਇਕੱਤਰਤਾ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ, ਨਿਰਵੈਰ ਖ਼ਾਲਸਾ ਜਥਾ ਯੂ. ਕੇ. ਦੇ ਸਿੱਖ ਪ੍ਰਚਾਰਕ ਭਾਈ ਹਰਿੰਦਰ ਸਿੰਘ ਸਮੇਤ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਇੱਕੋ ਦਿਨ 27 ਦਸੰਬਰ ਨੂੰ ਆਉਣ ਸਬੰਧੀ ਅਤੇ ਗੁਰਮਤਿ ਸੰਗੀਤ ਸ਼ੈਲੀ ਦੀ ਸੰਭਾਲ ਸਬੰਧੀ ਅਹਿਮ ਫੈਸਲੇ ਕੀਤੇ ਗਏ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ ’ਤੇ ਦੱਖਣ ਭਾਰਤ ਵਿਚ ਹੋਏ ਇਕ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਵਿਰੁੱਧ ਪ੍ਰਗਟਾਵਾ ਕਰਨ ਦਾ ਦੋਸ਼ ਲੱਗਾ ਸੀ। ਉਨ੍ਹਾਂ ਨੇ ਅੱਜ ਪੇਸ਼ ਹੋ ਕੇ ਆਪਣੀ ਗਲਤੀ ਮੰਨੀ ਅਤੇ ਖਿਮਾ ਜਾਚਨਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡਾ. ਕਰਮਜੀਤ ਸਿੰਘ ਨੂੰ ਤਨਖਾਹ ਲਗਾਏ ਜਾਣ ਤਹਿਤ ਉਹ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਇਕ-ਇਕ ਘੰਟਾ ਜੂਠੇ ਭਾਂਡੇ ਮਾਂਜਣ ਤੋਂ ਇਲਾਵਾ ਜੋੜਾ ਘਰ ਅੰਦਰ ਸੰਗਤ ਦੇ ਜੋੜੇ ਝਾੜਣਗੇ। ਉਹ ਪੰਜ ਦਿਨ ਨਿਤਨੇਮ ਤੋਂ ਇਲਾਵਾ ਇਕ ਪਾਠ ਸ੍ਰੀ ਜਪੁਜੀ ਸਾਹਿਬ, ਆਸਾ ਦੀ ਵਾਰ, ਤ੍ਵ ਪ੍ਰਸਾਦਿ ਸਵੱਯੇ ਦਾ ਵੀ ਕਰਨਗੇ।
ਡਾ. ਕਰਮਜੀਤ ਸਿੰਘ ਭਾਈ ਕਾਨ੍ਹ ਸਿੰਘ ਨਾਭਾ ਦੀ ਲਿਖੀ ਪੁਸਤਕ ‘ਹਮ ਹਿੰਦੂ ਨਹੀਂ’ ਪੜ੍ਹਣਗੇ ਅਤੇ ਇਸ ਪੁਸਤਕ ਦੀਆਂ 500 ਕਾਪੀਆਂ ਸੰਗਤ ਵਿਚ ਵੀ ਵੰਡਣਗੇ। ਤਨਖਾਹ ਪੂਰੀ ਹੋਣ ’ਤੇ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਤੇ ਗੋਲਕ ’ਚ 1100 ਰੁਪਏ ਜਮ੍ਹਾ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਵਾਉਗੇ।
ਇਸੇ ਤਰ੍ਹਾਂ ਜਸਵੰਤ ਸਿੰਘ ਨੇ ਸ੍ਰੀਨਗਰ ਦੇ ਟੈਗੋਰ ਹਾਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਇਆ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਖਿਮਾ ਜਾਚਨਾ ਕੀਤੀ।
ਕੀਤੇ ਗਏ ਆਦੇਸ਼ ਅਨੁਸਾਰ ਜਸਵੰਤ ਸਿੰਘ ਦੋ ਦਿਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਲੰਗਰ ਹਾਲ ਵਿਖੇ ਇਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਇਕ ਘੰਟਾ ਸੰਗਤ ਦੇ ਜੋੜੇ ਝਾੜਣਗੇ। ਇਸ ਦੇ ਨਾਲ ਹੀ ਉਹ ਚਾਰ ਦਿਨ ਨਿਤਨੇਮ ਤੋਂ ਇਲਾਵਾ ਸ੍ਰੀ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਜਫਰਨਾਮਾ ਦਾ ਇਕ-ਇਕ ਪਾਠ ਕਰਨਗੇ।
ਜਸਵੰਤ ਸਿੰਘ ਨੂੰ ਪ੍ਰਿੰਸੀਪਲ ਸਤਬੀਰ ਸਿੰਘ ਦੀ ਲਿਖੀ ਪੁਸਤਕ ‘ਇਤਿ ਜਿਨਿ ਕਰੀ ਜੀਵਨ ਸ੍ਰੀ ਗੁਰੂ ਤੇਗ਼ ਬਹਾਦਰ ਜੀ’ ਪੜ੍ਹਣ ਅਤੇ ਇਸ ਦੀਆਂ 100 ਕਾਪੀਆਂ ਸੰਗਤ ਵਿੱਚ ਵੰਡਣ ਦਾ ਵੀ ਆਦੇਸ਼ ਕੀਤਾ ਗਿਆ।
ਇਸ ਦੇ ਨਾਲ ਹੀ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੌਧਾ ਸਾਧ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਕੀਤੀ ਗਲਤੀ ਲਈ ਖਿਮਾ ਜਾਚਨਾ ਕੀਤੀ, ਜਿਸ ਨੂੰ ਪੰਜ ਸਿੰਘ ਸਾਹਿਬਾਨ ਨੇ ਪ੍ਰਵਾਨ ਕੀਤਾ। ਗਿਆਨੀ ਗੁਰਬਚਨ ਸਿੰਘ ਨੂੰ ਤਨਖਾਹ ਲਗਾਈ ਗਈ ਕਿ ਉਹ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਇਕ ਘੰਟਾ ਭਾਂਡੇ ਮਾਂਜਣਗੇ ਅਤੇ ਇਕ ਘੰਟਾ ਜੋੜੇ ਝਾੜਣਗੇ।
ਨਿਰਵੈਰ ਖ਼ਾਲਸਾ ਜਥਾ ਯੂ. ਕੇ. ਤੋਂ ਭਾਈ ਹਰਿੰਦਰ ਸਿੰਘ ਨੇ ਗੁਰਮਤਿ ਪ੍ਰਤੀ ਕੀਤੀਆਂ ਗਲਤ ਬਿਆਨੀਆਂ ਲਈ ਖਿਮਾ ਜਾਚਨਾ ਕੀਤੀ। ਪੱਖ ਸੁਣਨ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਉਨ੍ਹਾਂ ਦੀ ਮੁਆਫ਼ੀ ਪ੍ਰਵਾਨ ਕਰਦਿਆਂ ਪ੍ਰਚਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਰੋਕ ਹਟਾ ਦਿੱਤੀ। ਭਾਈ ਹਰਿੰਦਰ ਸਿੰਘ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਇੱਕ ਘੰਟਾ ਸੰਗਤ ਦੇ ਜੋੜੇ ਝਾੜਣਗੇ।
ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ’ਤੇ ਬੀਤੇ ਸਮੇਂ ਸਤਿਕਾਰਯੋਗ ਸਿੰਘ ਸਾਹਿਬਾਨ ਖ਼ਿਲਾਫ਼ ਬੇਬੁਨਿਆਦ ਗੱਲਾਂ ਕਰਨ ਦਾ ਦੋਸ਼ ਸੀ, ਜਿਸ ਸਬੰਧੀ ਅੱਜ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ। ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਤਾ ਨੰਬਰ ਅ:ਤ/202, 15 ਅਕਤੂਬਰ 2024 ਅਨੁਸਾਰ ਵਿਰਸਾ ਸਿੰਘ ਵਲਟੋਹਾ ਉੱਤੇ ਸ਼ੋਮਣੀ ਅਕਾਲੀ ਦਲ ਵਿੱਚੋਂ ਦਸ ਸਾਲ ਦੀ ਲਗਾਈ ਗਈ ਰੋਕ ਹਟਾ ਦਿੱਤੀ ਹੈ। ਵਿਰਸਾ ਸਿੰਘ ਵਲਟੋਹਾ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਭਵਿੱਖ ਵਿਚ ਕਿਸੇ ਵੀ ਧਾਰਮਿਕ ਸ਼ਖ਼ਸੀਅਤ ਵਿਰੁੱਧ ਬਿਆਨਬਾਜ਼ੀ ਨਹੀਂ ਕਰਨਗੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਮਿਤੀ ’ਚ ਕੋਈ ਤਬਦੀਲੀ ਨਹੀਂ
ਪੰਜ ਸਿੰਘ ਸਾਹਿਬਾਨ ਦੀ ਬੈਠਕ ਦੌਰਾਨ ਛੋਟੇ ਸਾਹਿਬਾਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਕੋ ਦਿਨ 27 ਦਸੰਬਰ ਨੂੰ ਆਉਣ ਅਤੇ ਇਸ ਸਬੰਧੀ ਸੰਗਤ ਦੇ ਪੁੱਜੇ ਸੁਝਾਵਾਂ ਅਤੇ ਮੰਗਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮਿਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਕੈਲੰਡਰ ਦੇ ਮੁਤਾਬਕ ਇਹ ਪੁਰਬ 27 ਦਸੰਬਰ ਨੂੰ ਹੀ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸੰਗਤ ਨੂੰ ਲੱਗਦਾ ਹੈ ਕਿ ਸ਼ਹੀਦੀ ਦਿਹਾੜਿਆਂ ਦੇ ਵਿਚਕਾਰ ਉਨ੍ਹਾਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਵਿੱਚ ਕੋਈ ਦਿੱਕਤ ਪ੍ਰੇਸ਼ਾਨੀ ਆ ਸਕਦੀ ਹੈ ਤਾਂ ਆਪਣੀ ਸਹੂਲਤ ਮੁਤਾਬਕ ਛੁੱਟੀ ਦੇਖ ਕੇ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਸਕਦੇ ਹਨ।
Read More : ਹੁਸ਼ਿਆਰਪੁਰ ਦਾ ਡੀ.ਐੱਸ.ਪੀ. ਬਬਨਦੀਪ ਸਿੰਘ ਮੁਅੱਤਲ
