ਸੂਬੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ : ਭਗਵੰਤ ਮਾਨ
ਸੰਗਰੂਰ, 23 ਦਸੰਬਰ : ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।
ਉਨ੍ਹਾਂ ਲੋਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਠੋਸ ਯਤਨਾਂ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਗਿਣਤੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਇੱਕ ਰੋਡ ਮੈਪ ਤਿਆਰ ਕਰਨਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰ, ਸਟਰੀਟ ਲਾਈਟਾਂ, ਸੀਵਰੇਜ ਦੀਆਂ ਸਮੱਸਿਆਵਾਂ ਨਾਲ ਸਬੰਧਤ ਜਾਂ ਹੋਰ ਸਾਰੇ ਮੁੱਦੇ ਜਲਦੀ ਹੀ ਹੱਲ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਭਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਫੰਡਾਂ ਦੀ ਘਾਟ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ। ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਸੂਬੇ ਨੂੰ ਕਰਜ਼ੇ ਦੇ ਮਕੜ-ਜਾਲ ਵਿੱਚ ਫਸਾਇਆ ਕੇ ਰੱਖ ਦਿੱਤਾ, ਉਨ੍ਹਾਂ ਦੀ ਸਰਕਾਰ ਕੰਮ ਦੇ ਨਾਲ-ਨਾਲ ਕਰਜ਼ੇ ਉਤਾਰਨ ‘ਚ ਵੀ ਯਕੀਨ ਰੱਖਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਤਰੇ ਨਾਲ ਨਜਿੱਠਣ ਲਈ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ, ਜਿਸ ਕਾਰਨ ਕਈ ਸੁਧਾਰ ਕੀਤੇ ਗਏ ਹਨ। ਜਾਇਦਾਦ ਰਜਿਸਟ੍ਰੇਸ਼ਨ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਇਹ ਪ੍ਰਕਿਰਿਆ ਬਹੁਤ ਆਸਾਨ ਹੋ ਗਈ ਹੈ।
ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਮ ਬਦਲਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮ ਬਦਲਣ ਨਾਲ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਨਾਮ ਬਦਲਣ ਨਾਲ ਗਰੀਬਾਂ ਦਾ ਪੇਟ ਨਹੀਂ ਭਰਦਾ ਪਰ ਦਿਹਾੜੀਦਾਰ ਮਜ਼ਦੂਰ ਸਿਰਫ਼ ਇਸ ਗੱਲ ਦੀ ਪਰਵਾਹ ਕਰਦੇ ਹਨ ਕਿ ਉਨ੍ਹਾਂ ਨੂੰ ਕੰਮ ਮਿਲਦਾ ਰਹੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪਾਲ ਸਕਣ।
Read More : ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ‘ਤੇ ਸਪੀਕਰ ਵੱਲੋਂ ਗੁਰਪ੍ਰੀਤ ਕਮੋਂ ਸਨਮਾਨਿਤ
