ਪੰਜਾਬ-ਵਿਧਾਨ-ਸਭਾ

ਅੱਜ ਵੀ ਮਹਿਸੂਸ ਕੀਤੀ ਜਾ ਰਹੀ ਹੈ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਪੀੜ : ਮੁੱਖ ਮੰਤਰੀ

ਪੰਜਾਬ ਵਿਧਾਨ ਸਭਾ ਵੱਲੋਂ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਹੋਰਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਸਮੇਤ ਬਾਬਾ ਜੀਵਨ ਸਿੰਘ, ਬਾਬਾ ਸੰਗਤ ਸਿੰਘ ਤੇ ਦੀਵਾਨ ਟੋਡਰ ਮੱਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ’ਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਤੇ ਇਤਿਹਾਸ ’ਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ।

ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਨਛੱਤਰ ਪਾਲ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਕੁਰਬਾਨੀਆਂ ਨੇ ਸਾਨੂੰ ਜਬਰ-ਜ਼ੁਲਮ ਅੱਗੇ ਕਦੇ ਵੀ ਈਨ ਨਾ ਮੰਨਣ ਤੇ ਹਮੇਸ਼ਾ ਆਪਣੇ ਅਸੂਲਾਂ ’ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਛੋਟੀ ਉਮਰ ’ਚ ਸ਼ਹੀਦ ਤਾਂ ਕਰ ਦਿੱਤਾ ਗਿਆ ਪਰ ਸਦੀਆਂ ਬਾਅਦ ਅੱਜ ਵੀ ਉਨ੍ਹਾਂ ਦੀ ਵਿਚਾਰਧਾਰਾ ਸਾਨੂੰ ਅਸੂਲਾਂ ਖਾਤਰ ਮਰ ਮਿਟਣ ਤੇ ਹਕੂਮਤਾਂ ਦੇ ਜ਼ੁਲਮ ਅੱਗੇ ਨਾ ਝੁਕਣ ਦਾ ਸੰਦੇਸ਼ ਦਿੰਦੀ ਹੈ। ਇਹ ਮਹਾਨ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਮਨ ਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਇਸ ਸਾਕੇ ਨੂੰ ਵਾਪਰਿਆ ਭਾਵੇਂ ਤਿੰਨ ਸਦੀਆਂ ਤੋਂ ਵਧੇਰੇ ਅਰਸਾ ਬੀਤ ਗਿਆ ਹੈ ਪਰ ਇਸ ਦੀ ਪੀੜ ਅੱਜ ਵੀ ਬੜੀ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਹੈ।

Read More : ਸੀ.ਬੀ.ਐੱਸ.ਈ. ਨੇ 10ਵੀਂ ਅਤੇ 12ਵੀਂ ਦੇ 3 ਮਾਰਚ ਨੂੰ ਹੋਣ ਵਾਲੇ ਪੇਪਰਾਂ ਦੀ ਤਰੀਕ ਬਦਲੀ

Leave a Reply

Your email address will not be published. Required fields are marked *