ਕਿਹਾ-ਕੰਢੀ ਖੇਤਰ ਦੇ 433 ਪਿੰਡਾਂ ਦੇ 1.25 ਲੱਖ ਏਕੜ ਰਕਬੇ ਨੂੰ ਮਿਲ ਰਿਹਾ ਨਹਿਰੀ ਪਾਣੀ
ਕੰਢੀ ਖੇਤਰ ਦੇ ਕਿਸਾਨਾਂ ਦਾ ਭਵਿੱਖ ਸਰੱਖਿਅਤ ਕਰਨ ਲਈ ਮਾਨ ਸਰਕਾਰ ਨੇ ਨਹਿਰੀ ਨੈਟਵਰਕ ਕੀਤਾ ਮਜ਼ਬੂਤ : ਮੰਤਰੀ ਗੋਇਲ
ਚੰਡੀਗੜ੍ਹ, 7 ਜਨਵਰੀ : ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਰਾਹਤ ਮਿਲੀ ਹੈ। 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਨੈੱਟਵਰਕ ਦਾ ਨਵੀਨੀਕਰਨ ਮੁਕੰਮਲ ਹੋਣ ਨਾਲ ਇਸ ਖੇਤਰ ਦੇ 433 ਪਿੰਡਾਂ ਦੀ 1.25 ਲੱਖ ਏਕੜ ਖੇਤੀਬਾੜੀ ਜ਼ਮੀਨ ਨੂੰ ਸਿੰਚਾਈ ਲਈ ਹੁਣ ਨਹਿਰੀ ਪਾਣੀ ਮਿਲ ਰਿਹਾ ਹੈ। ਇਸ ਪ੍ਰਾਪਤੀ ਨਾਲ ਪੰਜਾਬ ਦੀ ਸਿੰਚਾਈ ਪ੍ਰਣਾਲੀ ’ਚ ਇਕ ਫ਼ੈਸਲਾਕੁੰਨ ਬਦਲਾਅ ਆਇਆ ਹੈ।
ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਨੇ ਸਿੰਚਾਈ ਲਈ ਨਹਿਰੀ ਨੈੱਟਵਰਕ ਦੀ ਬਹਾਲੀ ਨੂੰ ਸਰਕਾਰ ਦੀ ਤਰਜੀਹ ਬਣਾਇਆ ਹੈ, ਜਿਸ ਲਈ ਸਰਕਾਰ ਨੇ ਵੱਡੀ ਰਾਸ਼ੀ ਖ਼ਰਚ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਸਿੰਚਾਈ ਨੂੰ ਹੋਰ ਬਿਹਤਰ ਢੰਗ ਨਾਲ ਬਹਾਲ ਕਰਨ ਲਈ ਸਰਕਾਰ ਨੇ ਨਹਿਰੀ ਪਾਣੀ ਦੀ ਵੰਡ ਲਈ ਸਿੰਚਾਈ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਪਿਛਲੀ ਕਾਂਗਰਸ ਸਰਕਾਰ ਦੇ 2019 ਤੋਂ 2022 ਤੱਕ ਦੇ ਅਰਸੇ ’ਚ ਖ਼ਰਚ ਕੀਤੀ ਕਰੀਬ 2046 ਕਰੋੜ ਰੁਪਏ ਦੀ ਰਾਸ਼ੀ ਨਾਲੋਂ ਲਗਭਗ 2.5 ਗੁਣਾ ਜ਼ਿਆਦਾ ਫੰਡ ਭਾਵ 2022 ਤੋਂ 2025 ਤੱਕ 4557 ਕਰੋੜ ਰੁਪਏ ਤੋਂ ਵੱਧ ਰਕਮ ਖ਼ਰਚ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਦੇ ਉਸਾਰੂ ਸਿੱਟੇ ਧਰਾਤਲ ’ਤੇ ਸਾਫ਼ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ’ਚ ਕਿਸਾਨਾਂ ਨੂੰ ਲਗਭਗ 40 ਸਾਲਾਂ ਬਾਅਦ ਨਹਿਰੀ ਪਾਣੀ ਨਸੀਬ ਹੋਇਆ ਹੈ ਜਦਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਕਿਸਾਨ ਇਸ ਦੀ ਉਮੀਦ ਛੱਡੀ ਬੈਠੇ ਸਨ।
ਕੰਢੀ ਖੇਤਰ ’ਚ ਨਹਿਰੀ ਪਾਣੀ ਦੀ ਥੁੜ੍ਹ ਦੂਰ ਹੋਈ ਹੈ। ਤਲਵਾੜਾ ਤੋਂ ਬਲਾਚੌਰ ਤੱਕ ਨਹਿਰੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ 238.90 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਤੇ ਹੁਣ ਕੰਢੀ ਨਹਿਰ ਦਾ ਪਾਣੀ ਤਲਵਾੜਾ ਤੋਂ ਬਲਾਚੌਰ ਤੱਕ ਚੱਲ ਰਿਹਾ ਹੈ, ਜੋ ਤਕਰੀਬਨ 40 ਸਾਲ ਬਾਅਦ ਟੇਲਾਂ ਤੱਕ ਪਹੁੰਚਿਆ ਹੈ।
ਇਸ ਨਾਲ ਹਸ਼ਿਆਰਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਕੁੱਲ 433 ਪਿੰਡਾਂ ਨੂੰ ਫ਼ਾਇਦਾ ਹੋਇਆ ਹੈ, ਜਿਸ ਨਾਲ ਦਸੂਹਾ, ਮੁਕੇਰੀਆਂ, ਟਾਂਡਾ-ਉੜਮੜ, ਸ਼ਾਮ ਚੁਰਾਸੀ, ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ ਅਤੇ ਬਲਾਚੌਰ ਦੇ 1 ਲੱਖ 25 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ।
ਕੰਢੀ ਨਹਿਰ ਦੇ ਪੁਰਾਣੇ ਸਿਸਟਮ ਨੂੰ ਚਲਾਉਣ ਦੇ ਨਾਲ-ਨਾਲ ਇਸ ਨਹਿਰ ਉੱਪਰ ਕਈ ਨਵੇਂ ਕੰਮਾਂ ਦੀ ਉਸਾਰੀ ਵੀ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਨਹਿਰ ਉੱਪਰ 11.62 ਕਰੋੜ ਰੁਪਏ ਦੀ ਲਾਗਤ ਨਾਲ 5 ਨਵੀਆਂ ਲਿਫਟ ਸਕੀਮਾਂ ਲਾਈਆਂ ਗਈਆਂ ਹਨ, ਜਿਸ ਨਾਲ ਤਕਰੀਬਨ 1500 ਏਕੜ ਨਵੇਂ ਰਕਬੇ ਨੂੰ ਨਹਿਰੀ ਪਾਣੀ ਪ੍ਰਾਪਤ ਹੋ ਰਿਹਾ ਹੈ।
ਇਸੇ ਤਰ੍ਹਾਂ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ 5 ਬੰਦ ਪਏ ਸਰਕਾਰੀ ਟਿਊਬਵੈੱਲਾਂ ਦੇ ਉੱਪਰ 20 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨੀ ਪਾਣੀ ਦੇ ਰੀਚਾਰਜਿੰਗ ਸਟਰਕਚਰ ਬਣਾਏ ਗਏ ਹਨ ਤੇ 5.16 ਕਰੋੜ ਰੁਪਏ ਦੀ ਲਾਗਤ ਨਾਲ 24 ਛੱਪੜਾਂ ਦੀ ਉਸਾਰੀ ਕੀਤੀ ਗਈ ਹੈ, ਜਿਸ ਨੂੰ ਨਹਿਰ ਦੇ ਪਾਣੀ ਰਾਹੀਂ ਸਮੇਂ-ਸਮੇਂ ’ਤੇ ਭਰਿਆ ਜਾ ਰਿਹਾ ਹੈ।
Read More : ਬੰਗਲਾਦੇਸ਼ ਨੂੰ ਭਾਰਤ ਵਿਚ ਹੀ ਖੇਡਣੇ ਪੈਣਗੇ ਮੈਚ
